ਲੁਧਿਆਣਾ: ਪੰਜਾਬ ਵਿੱਚ ਵੀਰਵਾਰ ਤੋਂ ਮੌਨਸੂਨ ਦੀ ਸ਼ੁਰੂਆਤ ਹੋ ਜਾਵੇਗੀ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਮੌਨਸੂਨ ਸਮੇਂ ਸਿਰ ਪੰਜਾਬ ਵਿੱਚ ਪਹੁੰਚ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕ 25 ਜੂਨ ਤੋਂ ਮੌਨਸੂਨ ਪੰਜਾਬ ਵਿੱਚ ਦਸਤਕ ਦੇਵੇਗਾ। ਆਉਣ ਵਾਲੇ ਦੋ-ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ, ਕਈ ਥਾਵਾਂ ਉੱਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਆਈਐਮਡੀ (IMD) ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਮੌਨਸੂਨ ਵੀ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।
ਕੌਰ ਨੇ ਦੱਸਿਆ ਕਿ ਜੋ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਕਾਫ਼ੀ ਗਰਮੀ ਪੈ ਰਹੀ ਹੈ ਅਤੇ ਲੂ ਚੱਲ ਰਹੀ ਹੈ, ਉਸ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਆਸ ਹੈ।
ਡਾਕਟਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਵਿੱਚ ਪਾਣੀ ਖੜਾ ਕਰਨਾ ਕਿਸਾਨਾਂ ਲਈ ਬੇਹੱਦ ਜ਼ਰੂਰੀ ਹੈ ਜਿਸ ਕਰਕੇ ਮੌਨਸੂਨ ਦੇ ਨਾਲ ਕਿਸਾਨਾਂ ਨੂੰ ਕਾਫ਼ੀ ਮਦਦ ਮਿਲੇਗੀ।