ਲੁਧਿਆਣਾ: ਸਥਾਨਕ ਸ਼ਹਿਰ 'ਚ ਮਾਪਿਆਂ ਵੱਲੋਂ ਡੀਸੀ ਦਫਤਰ ਅੱਗੇ ਸਕੂਲਾਂ ਵੱਲੋਂ ਮੰਗੀਆਂ ਜਾ ਰਹੀਆਂ ਫ਼ੀਸਾਂ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮਾਪਿਆਂ ਨੇ ਇਕੱਤਰ ਹੋ ਕੇ ਕਿਹਾ ਕਿ ਜਦੋਂ ਸਕੂਲ ਹੀ ਨਹੀਂ ਲੱਗ ਰਹੇ ਤਾਂ ਫੀਸਾਂ ਕਿਸ ਗੱਲ ਦੀਆਂ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਤਾਂ ਵੱਡੇ-ਵੱਡੇ ਦਾਅਵੇ ਕਰ ਰਿਹਾ ਹੈ ਪਰ ਸਕੂਲ ਪ੍ਰਸ਼ਾਸਨ ਮਾਪਿਆਂ ਤੋਂ ਲਗਾਤਾਰ ਫੀਸਾਂ ਵਸੂਲ ਰਿਹਾ ਹੈ, ਜਿਸ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ।
ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਨੂੰ ਸਿਰਫ ਟਿਊਸ਼ਨ ਫੀਸ ਹੀ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਜਦੋਂ ਕਿ ਟਿਊਸ਼ਨ ਫੀਸ ਦੇ ਨਾਂਅ 'ਤੇ ਸਕੂਲਾਂ ਵੱਲੋਂ ਉਨ੍ਹਾਂ ਤੋਂ ਪੂਰੀਆਂ ਫੀਸਾਂ ਵਸੂਲੀਆਂ ਜਾ ਰਹੀਆਂ ਹਨ। ਮਾਪਿਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਜਦੋਂ ਕੰਮ ਕਾਰ ਹੀ ਨਹੀਂ ਚੱਲ ਰਹੇ ਤਾਂ ਉਹ ਸਕੂਲਾਂ ਨੂੰ ਫੀਸ ਪੂਰੀ ਕਿਵੇਂ ਦੇ ਸਕਦੇ ਹਨ।
ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਨਿੱਜੀ ਸਕੂਲ ਧੱਕੇਸ਼ਾਹੀ ਕਰ ਰਹੇ ਹਨ ਅਤੇ ਆਪਣੀ ਮਰਜ਼ੀ ਨਾਲ ਫ਼ੀਸਾਂ ਵਸੂਲ ਰਹੇ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਇੱਥੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ।