ਲੁਧਿਆਣਾ: ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚੋਰੀ ਅਤੇ ਮੋਬਾਈਲ ਫੋਨ ਖੋਹਣ ਦੀਆਂ ਵਾਰਦਾਤਾਂ ਕਰਨ ਵਾਲੇ 4 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏਡੀਸੀਪੀ ਕ੍ਰਾਈਮ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਇੰਡਸਟਰੀਅਲ ਏਰੀਆ ਤੋਂ 10 ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ ਜੋ ਕਿ ਲੋਕਾਂ ਨੂੰ ਡਰਾ ਧਮਕਾ ਕੇ ਮੋਬਾਈਲ ਖੋਹ ਲੈਂਦੇ ਸਨ। ਦੋਹਾਂ ਦੋਸ਼ੀਆਂ ਵਿਰੁੱਧ ਥਾਣਾ ਮੋਤੀ ਨਗਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਦੂਜੇ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 6 ਦੇ ਇਲਾਕੇ 'ਚ ਪਿਛਲੇ ਦਿਨੀ ਇੱਕ ਇਲੈਕਟ੍ਰਾਨਿਕ ਦੀ ਦੁਕਾਨ 'ਤੇ ਹੋਈ ਚੋਰੀ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਇੱਕ ਏਲਈਡੀ, 20 ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਏਡੀਸੀਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 3 ਦੋਸ਼ੀ ਫ਼ਰਾਰ ਹਨ ਜਿਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ੀਆਂ ਖਿਲਾਫ਼ ਥਾਣਾ ਡਵੀਜ਼ਨ ਨੰਬਰ 6 ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।