ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਕੁੱਝ ਵਪਾਰੀਆਂ ਦੇ ਕਰਜ਼ੇ ਉੱਤੇ ਵਿਆਜ਼ ਨੂੰ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਸਿਆਸਤ ਗਰਮਾ ਗਈ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਇਹ ਰਾਹਤ ਨਹੀਂ ਦਿੱਤੀ ਗਈ, ਜਿਸ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਖੜੇ ਕਰ ਦਿੱਤੇ ਹਨ।
ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਕਿਹਾ, 'ਇਹ ਮੰਦਭਾਗੀ ਗੱਲ ਹੈ ਕਿ ਕੇਂਦਰ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ।' ਉਧਰ ਦੂਜੇ ਪਾਸੇ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਇਆਲੀ ਨੇ ਵੀ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਜਪਾ ਨਾਲ ਗਠਜੋੜ ਖ਼ਤਮ ਕਰਨ ਦਾ ਵੀ ਇਹੀ ਕਾਰਨ ਹੈ।
ਕਾਂਗਰਸ ਦੇ ਵਿਧਾਇਕ ਕੁਲਦੀਪ ਵੈਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੱਖ-ਵੱਖ ਟਰੇਡਾਂ ਨਾਲ ਸਬੰਧਤ ਵਪਾਰੀਆਂ ਦੇ ਕਰਜ਼ੇ ਵਿੱਚ ਰਿਆਇਤ ਦਿੱਤੀ ਗਈ ਹੈ ਤਾਂ ਕਿਸਾਨਾਂ ਨੂੰ ਇਹ ਰਿਆਇਤ ਕਿਉਂ ਨਹੀਂ ਦਿੱਤੀ ਗਈ?
ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਇਹ ਫ਼ੈਸਲਾ ਲਿਆ ਗਿਆ ਹੈ, ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇੱਕ ਟਵੀਟ ਕੀਤਾ ਗਿਆ ਹੈ।
ਪਰ ਇਸ ਸਾਰੇ ਮੁੱਦੇ 'ਤੇ ਪੰਜਾਬ ਭਾਜਪਾ ਦੇ ਬੁਲਾਰਾ ਅਨਿਲ ਸਰੀਨ ਆਪਣੀ ਪਾਰਟੀ ਦਾ ਬਚਾਅ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਜੋ ਵਪਾਰ ਕੋਰੋਨਾ ਕਾਲ ਦੌਰਾਨ ਪੂਰੀ ਤਰ੍ਹਾਂ ਬੰਦ ਸਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰੀ ਰਿਆਇਤ ਦਿੱਤੀ ਗਈ ਹੈ। ਸੁਖਬੀਰ ਬਾਦਲ ਦੇ ਟਵੀਟ ਨੂੰ ਮੰਦਭਾਗਾ ਦੱਸਦੇ ਹੋਏ ਸਰੀਨ ਬੋਲੇ ਕਿ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਦੀ ਖੇਤੀਬਾੜੀ ਕੋਰੋਨਾ ਦੌਰਾਨ ਵੀ ਚੱਲਦੀ ਰਹੀ। ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵੀ ਆਪਣੀ ਫ਼ਸਲ ਵੇਚੀ ਜਾਂਦੀ ਰਹੀ ਹੈ ਤੇ ਉਸ ਦੀ ਪੂਰੀ ਅਦਾਇਗੀ ਵੀ ਸਰਕਾਰ ਵੱਲੋਂ ਸਮੇਂ ਸਿਰ ਕੀਤੀ ਗਈ ਹੈ।