ਲੁਧਿਆਣਾ: ਦਿੱਲੀ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਜਾਰੀ ਹਨ। ਇਸੇ ਨੂੰ ਲੈ ਕੇ 6 ਫ਼ਰਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਭਾਰਤ ਦੇ ਵਿੱਚ ਤਿੰਨ ਘੰਟੇ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। 12 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਕਿਸਾਨਾਂ ਦਾ ਚੱਕਾ ਜਾਮ ਰਹੇਗਾ ਅਤੇ ਇਸ ਨੂੰ ਪੂਰਨ ਸਮਰਥਨ ਦੇਣ ਲਈ ਅਤੇ ਚੱਕਾ ਜਾਮ ਨੂੰ ਕਾਮਯਾਬ ਬਣਾਉਣ ਲਈ ਲਗਾਤਾਰ ਕਿਸਾਨ ਲਾਮਬੰਦ ਹੋ ਰਹੇ ਹਨ।
ਰਾਏਕੋਟ ਰੋਡ ਅਤੇ ਫਿਰੋਜ਼ਪੁਰ ਰੋਡ 'ਤੇ ਪੱਕਾ ਧਰਨਾ ਚੱਕਾ ਜਾਮ ਕੀਤਾ ਜਾਵੇਗਾ, ਜਿਸ ਸੰਬੰਧੀ ਸਾਡੇ ਸਹਿਯੋਗੀ ਵੱਲੋਂ ਕਿਸਾਨ ਜਥੇਬੰਦੀਆਂ ਦੇ ਨਾਲ ਗੱਲਬਾਤ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਠੱਪ ਰਹੇਗਾ।
ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਦੇ ਚੱਕਾ ਜਾਮ ਨੂੰ ਕਾਮਯਾਬ ਬਣਾਉਣ ਲਈ ਪੂਰੀਆਂ ਤਿਆਰੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਰੋਡ 'ਤੇ ਵੀ ਬੰਦ ਕੀਤਾ ਜਾਵੇਗਾ। ਇਸਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਜਿਵੇਂ ਕੋਈ ਹਸਪਤਾਲ ਲਈ ਐਂਬੂਲੈਂਸ ਜਾਂ ਮਰੀਜ਼ ਜਾਂ ਫਿਰ ਕਿਸੇ ਵਿਆਹ ਸ਼ਾਦੀ ਵਾਲੇ ਨੂੰ ਹੀ ਆਉਣ-ਜਾਣ ਦੀ ਇਜਾਜ਼ਤ ਹੋਵੇਗੀ।
ਕਿਸਾਨ ਜਥੇਬੰਦੀਆਂ ਨੇ ਆਮ ਲੋਕਾਂ ਨੂੰ ਵੀ ਇਸ ਦਾ ਸਮਰਥਨ ਦੇਣ ਦੀ ਅਪੀਲ ਕੀਤੀ ਹੈ। ਕਿਸਾਨ ਆਗੂਆਂ ਨੇ ਨਾਲ ਹੀ ਖਾਸ ਕਰਕੇ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਚੱਕਾ ਜਾਮ ਸ਼ਾਂਤਮਈ ਢੰਗ ਨਾਲ ਰਹੇਗਾ।