ਲੁਧਿਆਣਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ ਲੈਣ ਲਈ ਅਤੇ ਬਰਗਾੜੀ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆ ਨੂੰ ਸਜਾ ਦਿਵਾਉਣ ਲਈ ਖੰਨੇ ਤੋਂ ਸ਼ੁਰੂ ਕੀਤਾ ਇਨਸਾਫ ਮਾਰਚ ਲੁਧਿਆਣਾ ਵਿਖੇ ਪਹੁੰਚਿਆ। ਇਸ ਦੌਰਾਨ ਮਾਰਚ ਕਰ ਰਹੇ ਆਗੂਆਂ ਨੇ ਨੇ ਗਵਰਨਰ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਇਸ ਮਾਮਲੇ 'ਚ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਦੌਰਾਨ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਵੱਲੋਂ ਮੌਜੂਦਾ ਸਰਕਾਰ ਅਤੇ ਸਾਬਕਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਰਾਜਨੀਤਕ ਪਾਰਟੀਆਂ ਨੂੰ ਬੇਅਦਬੀ ਮਾਮਲੇ ’ਤੇ ਰਾਜਨੀਤੀ ਨਾ ਕਰਨ ਦੀ ਨਸੀਹਤ ਵੀ ਦਿੱਤੀ।
ਇਸ ਦੌਰਾਨ ਰੋਸ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਅਤੇ ਆਰਐਸਪੀ ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਗੱਲ ਕਹੀ ਸੀ ਪਰ ਅੱਜ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ।
ਆਗੂਆਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਸਿੱਟ ਤੇ ਸਿੱਟ ਬਣਾਈ ਜਾ ਰਹੀ ਹੈ ਪਰ ਇਸ ਮਾਮਲੇ ਵਿਚ ਸੰਗਤਾਂ ਨੂੰ ਇਨਸਾਫ਼ ਅਜੇ ਤਕ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਸੰਗਤਾਂ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।
ਇਹ ਵੀ ਪੜੋ: ਸੁਖਬੀਰ ਬਾਦਲ ਨੂੰ 26 ਜੂਨ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ