ਲੁਧਿਆਣਾ: ਪਨਬੱਸ, ਰੋਡਵੇਜ਼ ਮੁਲਾਜ਼ਮਾਂ ਵੱਲੋਂ ਅੱਜ ਤੋਂ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ। ਇਸ ਦੌਰਾਨ ਯਾਤਰੀ ਵੀ ਕਾਫੀ ਖੱਜਲ ਖੁਆਰ ਹੋ ਰਹੇ ਹਨ।
ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਅਤੇ ਠੇਕੇ 'ਤੇ ਭਰਤੀ ਮੁਲਾਜ਼ਮਾਂ ਨੂੰ ਬਹੁਤ ਘੱਟ ਤਨਖ਼ਾਹਾਂ ਦੇ ਕੇ ਕਈ-ਕਈ ਘੰਟੇ ਕੰਮ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਔਖਾ ਚੱਲਦਾ ਹੈ।
ਮੁਲਾਜ਼ਮਾਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਨਾਲ ਉਨ੍ਹਾਂ ਦੇ ਆਗੂਆਂ ਦੀ ਗੱਲ ਤਾਂ ਹੋਈ ਸੀ ਪਰ ਅਜੇ ਤੱਕ ਮਸਲਾ ਹੱਲ ਨਹੀਂ ਹੋਇਆ ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਚੱਕਾ ਜਾਮ ਕਰਨਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਬੁੱਧਵਾਰ ਨੂੰ ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਦਾ ਘਿਰਾਓ ਕਰਨਗੇ।
ਦੂਜੇ ਪਾਸੇ ਯਾਤਰੀ ਕਾਫੀ ਪਰੇਸ਼ਾਨ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਅਜਿਹੀਆਂ ਹੜਤਾਲਾਂ 'ਤੇ ਰੋਕ ਲਗਾਉਣੀ ਚਾਹੀਦੀ ਹੈ ਕਿਉਂਕਿ ਇਸ ਦੌਰਾਨ ਮੁਸਾਫ਼ਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।