ਲੁਧਿਆਣਾ: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਸ਼ਵਨੀ ਸ਼ਰਮਾ ਸੋਮਵਾਰ ਨੂੰ ਵਰਕਰਾਂ ਦੇ ਨਾਲ ਬੈਠਕ ਕਰਨ ਲਈ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਦੇ ਵਿੱਚ ਭਾਜਪਾ ਦੀ ਜਿੱਤ ਹੋਵੇਗੀ ਭਾਵੇਂ ਐਗਜ਼ਿਟ ਪੋਲ ਜੋ ਵੀ ਕਹਿਣ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਕਾਂਗਰਸ ਨੂੰ ਲੈ ਕੇ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤਿੱਖੇ ਸ਼ਬਦੀ ਹਮਲੇ ਕੀਤੇ। ਅਸ਼ਵਨੀ ਸ਼ਰਮਾ ਨੇ ਧਾਰਮਿਕ ਥਾਵਾਂ 'ਤੇ ਕਿਸੇ ਵੀ ਤਰ੍ਹਾਂ ਦੀ ਵਿਵਾਦਿਤ ਵੀਡੀਓ ਬਣਾਉਣ ਦੀ ਵੀ ਨਿੰਦਾ ਕੀਤੀ।
ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ ਲੋਕ ਭਾਜਪਾ ਨੂੰ ਆਪਣਾ ਫਤਵਾ ਦੇਣਗੇ ਅਤੇ 11 ਤਰੀਕ ਨੂੰ ਨਤੀਜੇ ਆਉਣ ਨਾਲ ਇਹ ਸਾਫ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਾ ਹੀ ਲੋਕਤੰਤਰ ਵਿੱਚ ਸਭ ਤੋਂ ਵੱਡੀ ਹੈ ਅਤੇ ਜਨਤਾ ਦਾ ਫੈਸਲਾ ਸਾਰੀਆਂ ਪਾਰਟੀਆਂ ਨੂੰ ਮਨਜ਼ੂਰ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫੈਸਲਾ, SC/ST ਸੋਧ ਐਕਟ ਨੂੰ ਮਿਲੀ ਮਨਜ਼ੂਰੀ
ਇਸ ਮੌਕੇ ਉਨ੍ਹਾਂ ਅਕਾਲੀ-ਭਾਜਪਾ ਗਠਜੋੜ ਅਤੇ ਅਕਾਲੀ ਦਲ ਦੇ ਬਾਗੀ ਆਗੂ ਢੀਂਡਸਾ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਤੋਂ ਅਜਿਹੀ ਹੀ ਉਮੀਦ ਕੀਤੀ ਜਾ ਸਕਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲਗਾਤਾਰ ਭਾਜਪਾ ਪੰਜਾਬ ਦੇ ਵਿੱਚ ਆਪਣੇ ਵਰਕਰਾਂ ਨੂੰ ਇਕਜੁੱਟ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸਦੇ ਹੋਏ ਭਾਜਪਾ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਝੂਠ ਬੋਲਣ ਵਿੱਚ ਕੇਜਰੀਵਾਲ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਧਰ ਧਾਰਮਿਕ ਥਾਵਾਂ 'ਤੇ ਵੀਡੀਓ ਬਣਾਉਣ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦੇ ਮਾਮਲੇ 'ਤੇ ਵੀ ਉਨ੍ਹਾਂ ਨੇ ਕਿਹਾ ਕਿ ਧਾਰਮਿਕ ਥਾਵਾਂ ਦੀ ਮਰਿਆਦਾ ਬਣੀ ਰਹਿਣੀ ਚਾਹੀਦੀ ਹੈ।