ਲੁਧਿਆਣਾ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਦਾੜ੍ਹੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਨਾਲ ਸੂਬੇ ਦੀ ਸਿਆਸਤ ਭਖ ਗਈ ਹੈ। ਜਿੱਥੇ ਹੋਰ ਵਿਰੋਧੀ ਪਾਰਟੀਆਂ ਨੇ ਇਸ ਟਿੱਪਣੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ, ਉੱਥੇ ਹੀ ਭਾਜਪਾ ਨੇ ਵੀ ਇਸ ਮੁੱਦੇ 'ਤੇ ਭਗਵੰਤ ਮਾਨ ਨੂੰ ਘੇਰਿਆ ਹੈ ਅਤੇ ਸਿੱਖ ਕੌਮ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਮੁਆਫੀ ਨਾ ਮੰਗਣ ਦੀ ਸੂਰਤ ਵਿੱਚ ਮੁੱਖ ਮੰਤਰੀ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕਰਨ ਦਾ ਐਲਾਨ ਵੀ ਕੀਤਾ ਗਿਆ। ਇਸ ਮੁੱਦੇ ਨੂੰ ਲੈ ਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਖੰਨਾ ਵਿਖੇ ਪ੍ਰੈਸ ਕਾਨਫਰੰਸ ਕੀਤੀ।
ਜਨਤਕ ਤੌਰ ਉੱਤੇ ਮੰਗਣ ਮੁਆਫ਼ੀ: ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਵਿਧਾਨ ਸਭਾ ਵਿੱਚ ਜਿਸ ਤਰ੍ਹਾਂ ਧਰਮ ਬਾਰੇ ਟਿੱਪਣੀਆਂ ਕੀਤੀਆਂ ਗਈਆਂ ਹਨ, ਉਹ ਨਿੰਦਣਯੋਗ ਹਨ। ਭਗਵੰਤ ਮਾਨ ਖੁਦ ਇੱਕ ਸਿੱਖ ਪਰਿਵਾਰ ਵਿੱਚ ਪੈਦਾ ਹੋਏ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਖ ਧਰਮ ਵਿੱਚ ਕਕਾਰਾਂ ਦੀ ਕੀ ਮਹੱਤਤਾ ਹੈ। ਪੰਜ ਕਕਾਰਾਂ ਵਿੱਚ ਇੱਕ ਕੇਸ (ਵਾਲ) ਵੀ ਹਨ। ਇਸ ਲਈ ਇਸ ਤਰੀਕੇ ਨਾਲ ਕਿਸੇ ਦੀ ਦਾੜ੍ਹੀ 'ਤੇ ਟਿੱਪਣੀ ਕਰਨਾ ਧਰਮ ਦੇ ਵਿਰੁੱਧ ਹੈ। ਜਿਸ ਤਰੀਕੇ ਨਾਲ ਭਗਵੰਤ ਮਾਨ ਨੇ ਟਿੱਪਣੀ ਕੀਤੀ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇੱਕ ਸਿੱਖ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
- ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਬੀਬੀ ਜਗੀਰ ਕੌਰ ਦਾ ਪੰਜਾਬ ਸਰਕਾਰ 'ਤੇ ਹਮਲਾ, ਕਿਹਾ-ਵੱਡੀ ਸਾਜ਼ਿਸ਼ ਤਹਿਤ ਦਖਲਅੰਦਾਜ਼ੀ ਦੀ ਹੋ ਰਹੀ ਕੋਸ਼ਿਸ਼
- ਮੁੱਖ ਮੰਤਰੀ ਮਾਨ ਦੇ ਮਾਨਸਾ ਦੌਰੇ ’ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਦੀ ਤਿਆਰੀ, ਜਾਣੋ ਕੀ ਹਨ ਮੰਗਾਂ
- World Music Day 21 June: ਸਮੇਂ ਦੇ ਨਾਲ-ਨਾਲ ਪੰਜਾਬੀ ਸੰਗੀਤ ਹੋਇਆ ਆਧੁਨਿਕ, ਅਲੋਪ ਹੋਏ ਕਈ ਲੋਕ ਸਾਜ਼, ਦੇਖੋ ਖਾਸ ਰਿਪੋਰਟ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ: ਇਸ ਤੋਂ ਇਲਾਵਾ ‘ਆਪ’ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਆਪਣੇ ਸੰਬੋਧਨ ਵਿੱਚ ਭਗਤਾਂ ਦਾ ਆਮ ਨਾਗਰਿਕਾਂ ਵਾਂਗ ਨਾਮ ਲੈ ਕੇ ਅਪਮਾਨ ਕੀਤਾ। ਘੱਟੋ-ਘੱਟ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਨ੍ਹਾਂ ਭਗਤਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਉਨ੍ਹਾਂ ਦੇ ਨਾਮ ਕਿਸ ਤਰੀਕੇ ਨਾਲ ਸਨਮਾਨਪੂਰਵਕ ਲਏ ਜਾਂਦੇ ਹਨ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਦੇ ਨਸ਼ੇ ਵਿੱਚ ਚੂਰ ਹਨ। ਇਸ ਨਸ਼ੇ ਵਿੱਚ ਆਪ ਆਗੂ ਕਦਰਾਂ-ਕੀਮਤਾਂ ਅਤੇ ਮਰਿਆਦਾ ਨੂੰ ਭੁੱਲ ਗਏ ਹਨ। ਧਰਮ ਦੇ ਮਾਮਲੇ ਵਿੱਚ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੂੰ ਸਿੱਖ ਕੌਮ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ। ਜੇਕਰ ਮੁਆਫ਼ੀ ਨਾ ਮੰਗੀ ਗਈ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼ਿਕਾਇਤ ਕਰਕੇ ਕਾਰਵਾਈ ਦੀ ਮੰਗ ਕਰਨਗੇ।