ਲੁਧਿਆਣਾ: ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਫੇਸਬੁੱਕ ਉੱਤੇ ਲਾਈਵ ਹੋ ਕੇ ਕੇਂਦਰ ਸਰਕਾਰ ਅੱਗੇ ਆਪਣੀ ਭੜਾਸ ਕੱਢੀ ਤੇ ਕਿਹਾ ਕਿ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਕੋਈ ਮਦਦ ਨਹੀਂ ਕੀਤੀ ਗਈ ਜੋ ਬੈਂਕ ਖਾਤਿਆਂ ਵਿੱਚ ਪੈਸੇ ਪਾਉਣੇ ਸੀ ਉਹ ਨਹੀਂ ਪਾਏ ਗਏ।
ਇਸ ਤੋਂ ਇਲਾਵਾ ਨਾ ਹੀ ਬੇਰੁਜ਼ਗਾਰੀ ਭੱਤਾ ਦਿੱਤਾ ਗਿਆ ਤੇ ਨਾ ਹੀ ਮਜ਼ਦੂਰਾਂ ਲਈ ਮੁਫ਼ਤ ਬੱਸਾਂ, ਰੇਲਾਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਦੂਜੇ ਪਾਸੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਪ੍ਰਵੀਨ ਬਾਂਸਲ ਨੇ ਕਾਂਗਰਸ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਹੈ। ਲੋਕ ਰਲ ਮਿਲ ਕੇ ਇਸ ਬੀਮਾਰੀ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸ ਨੂੰ ਇਸ ਸਮੇਂ ਸਿਆਸਤ ਨਹੀਂ ਕਰਨੀ ਚਾਹੀਦੀ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ਉੱਤੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਕੇਂਦਰ ਸਰਕਾਰ ਅੱਗੇ ਗਰੀਬ ਮਜ਼ਦੂਰਾਂ ਦੀ ਮਦਦ ਲਈ ਅਪੀਲ ਕੀਤੀ ਗਈ ਸੀ।
ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਮੰਦੀ ਦੀ ਮਾਰ ਝੱਲ ਰਹੇ ਲੋਕਾਂ ਦੀ ਆਰਥਿਕ ਤੌਰ ਉੱਤੇ ਮਦਦ ਦੀ ਮੰਗ ਕੀਤੀ ਅਤੇ ਕਿਹਾ ਕਿ ਆਮ ਆਦਮੀ ਕੋਲ ਰੋਟੀ ਖਾਣ ਨੂੰ ਪੈਸੇ ਨਹੀਂ, ਮਜ਼ਦੂਰ ਵਰਗ ਪਰੇਸ਼ਾਨ ਹੈ, ਸਰਕਾਰ ਉਨ੍ਹਾਂ ਦੀ ਸਾਰ ਲਵੇ।
ਪ੍ਰਵੀਨ ਬਾਂਸਲ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਆਪਣਾ ਮਾਨਸਿਕ ਸੰਤੁਲਨ ਖੋਹ ਬੈਠੇ ਹਨ ਇਸ ਕਰਕੇ ਅਜਿਹੀਆਂ ਹਰਕਤਾਂ ਕਰ ਰਹੇ ਹਨ।