ਲੁਧਿਆਣਾ: ਗਿਆਸਪੁਰਾ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ। ਇਸ ਮੌਕੇ ਉਹਨਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਅੱਠ ਮਹੀਨੇ ਦੇ ਬੱਚੇ ਯੁੱਗ ਦੇ ਮਾਸੀ-ਮਾਸੜ ਦੇ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਯੁਗ ਦੇ ਮਾਸੀ-ਮਾਸੜ ਨੇ ਦੱਸਿਆ ਕਿ ਸਰਕਾਰ ਵੱਲੋ ਮਹਿਜ਼ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਉਹਨਾਂ ਦੇ ਲਈ ਨਾਕਾਫੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਮਾਤਾ-ਪਿਤਾ ਦੋਵੇਂ ਹੀ ਹਾਦਸੇ ਦੇ ਵਿੱਚ ਚਲੇ ਗਏ ਹਨ।
ਸਰਕਾਰੀ ਨੌਕਰੀ ਦਿੱਤੀ ਜਾਵੇ: ਰਾਜਾ ਵੜਿੰਗ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘੱਟੋ-ਘੱਟ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਮੁਆਵਜ਼ੇ ਦੇ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਰਾਜਾ ਵੜਿੰਗ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਸ ਕਿਸੇ ਦੀ ਜੋ ਵੀ ਗਲਤੀ ਹੈ ਉਸ ਉੱਤੇ 302 ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਰਾਜਾ ਵੜਿੰਗ ਨੇ ਹੈਰਾਨੀ ਜਤਾਉਂਦੇ ਹੋਏ ਕਿਹਾ ਕਿ ਹਾਲੇ ਤੱਕ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਵੀ ਪ੍ਰਸ਼ਾਸਨਿਕ ਅਫਸਰ ਮਿਲਣ ਨਹੀਂ ਆਇਆ, ਕਿਉਂਕਿ ਉਹ ਪ੍ਰਵਾਸੀ ਹਨ। ਇਸ ਕਰਕੇ ਉਹਨਾਂ ਦੀ ਮਦਦ ਨਹੀਂ ਕੀਤੀ ਜਾ ਰਹੀ ਇਹ ਬਹੁਤ ਹੀ ਮੰਦਭਾਗੀ ਗੱਲ ਹੈ।
ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ: ਰਾਜਾ ਵੜਿੰਗ ਵੱਲੋਂ ਕਿਹਾ ਗਿਆ ਕਿ ਇਸ ਪੂਰੇ ਇਲਾਕੇ ਦੀ ਜਾਂਚ ਹੋਣੀ ਚਾਹੀਦੀ ਹੈ, ਜੇਕਰ ਇਸ ਇਲਾਕੇ ਦੇ ਵਿੱਚ ਇੱਕ ਥਾਂ ਉੱਤੇ ਅਜਿਹੀ ਗੈਸ ਲੀਕ ਹੋਈ ਹੈ ਤਾਂ ਦੂਜੀ ਥਾਂ ਉੱਤੇ ਕਿਸੇ ਵੀ ਵੇਲੇ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਬਹੁਤ ਗੰਭੀਰ ਹੈ ਅਤੇ ਇਸ ਉੱਤੇ ਨੋਟਿਸ ਲੈਂਦੇ ਹੋਏ ਉਹ ਜਾਂਚ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਅਜਿਹੇ ਇਲਾਕੇ ਜਿੱਥੇ ਫੈਕਟਰੀਆਂ ਚੱਲਦੀਆਂ ਹਨ ਉੱਥੇ ਦੇ ਸੀਵਰੇਜ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਗਵਰਨਰ ਨੂੰ ਮਿਲ ਕੇ ਇਸ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਾਂਗੇ । ਰਾਜਾ ਵੜਿੰਗ ਦੇ ਨਾਲ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਰਾਜਾ ਵੜਿੰਗ ਨੇ ਪਰਿਵਾਰ ਨੂੰ ਕਿਹਾ ਕਿ ਜਲੰਧਰ ਚੋਣਾਂ ਵਿੱਚ ਡਿਊਟੀ ਹੋਣ ਕਰਕੇ ਉਹ ਕੱਲ੍ਹ ਨਹੀਂ ਆ ਸਕੇ ਪਰ ਉਹ ਇਸ ਵਕਤ ਉਹ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਇਹ ਪ੍ਰਦੂਸ਼ਣ ਬੋਰਡ ਦੀ ਗਲਤੀ ਹੈ ਜਾਂ ਫਿਰ ਨਗਰ ਨਿਗਮ ਦੀ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ।