ਲੁਧਿਆਣਾ : ਪੰਜਾਬ ਦੀ ਕੈਪਟਨ ਸਰਕਾਰ ਜਿੱਥੇ ਲਗਾਤਾਰ ਆਰਥਿਕ ਮੰਦੀ ਨਾਲ ਜੂਝਣ ਦੀ ਗੱਲ ਕਰ ਰਹੀ ਹੈ, ਉੱਥੇ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵੈਟ ਦਰਾਂ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਜਿਸ ਕਰਕੇ ਹੁਣ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਤਰ੍ਹਾਂ ਵਿੱਚ ਅੱਜ ਸਵੇਰ ਤੋਂ ਹੀ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ ਹੈ ਜਿਸ ਨਾਲ ਪੈਟਰੋਲ ਦੀ ਕੀਮਤ 72.16 ਰੁਪਏ ਅਤੇ ਡੀਜ਼ਲ ਦੀ ਕੀਮਤ 63.82 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਪੈਟਰੋਲ ਪੰਪ ਦੇ ਮੈਨੇਜਰ ਹਰੀਸ਼ ਸ਼ਰਮਾ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇ ਵਿੱਚ ਦੋ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਹੋ ਗਿਆ ਹੈ ਅਤੇ ਕੀਮਤਾਂ ਵਿੱਚ ਵਾਧੇ ਬੀਤੀ ਦੇਰ ਰਾਤ ਤੋਂ ਲਾਗੂ ਵੀ ਹੋ ਗਈਆਂ ਹਨ।
ਉਨ੍ਹਾਂ ਕਿਹਾ ਕਿ ਬੀਤੇ ਇੱਕ ਮਹੀਨੇ ਤੋਂ ਪੰਜਾਬ ਵਿੱਚ ਇਹ ਪਹਿਲੀ ਵਾਰੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਦਿੱਲੀ ਅਤੇ ਕੁੱਝ ਹੋਰ ਸੂਬੇ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਕਰਫ਼ਿਊ ਦੇ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਖ਼ਪਤ ਨਾਮਾਤਰ ਹੀ ਹੈ।
ਆਮ ਲੋਕਾਂ ਨੂੰ ਛੱਡ ਕੇ ਸਿਰਫ਼ ਮੀਡੀਆ ਕਰਮੀ, ਪੁਲਿਸ ਮੁਲਾਜ਼ਮ ਜਾਂ ਫ਼ਿਰ ਡਾਕਟਰ ਅਤੇ ਸਟਾਫ਼ ਹੀ ਪੈਟਰੋਲ ਅਤੇ ਡੀਜ਼ਲ ਦੀ ਖ਼ਪਤ ਕਰ ਰਿਹਾ ਹੈ। ਉੱਧਰ ਦੂਜੇ ਪਾਸੇ ਆਮ ਲੋਕਾਂ ਨੇ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਇਸ ਦਾ ਸਿੱਧਾ ਅਸਰ ਘਰੇਲੂ ਵਰਤੋਂ ਵਾਲੀਆਂ ਚੀਜ਼ਾਂ ਉੱਤੇ ਪਵੇਗਾ।
ਸੋ ਇੱਕ ਪਾਸੇ ਤਾਂ ਕੌਮਾਂਤਰੀ ਬਾਜ਼ਾਰ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਖ਼ਪਤ ਘੱਟਣ ਕਾਰਨ ਕੱਚੇ ਤੇਲ ਦੀ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਭਾਰਤ ਵਿੱਚ ਅਤੇ ਸੂਬੇ ਵਿੱਚ ਇਸ ਦੇ ਉੱਲਟ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਜ਼ਾਫਾ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ਉੱਤੇ ਹੀ ਪੈਣ ਵਾਲਾ ਹੈ।