ਲੁਧਿਆਣਾ: ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੀਰਵਾਰ ਨੂੰ ਲੁਧਿਆਣਾ ਦੇ ਇੱਕ ਕਾਲਜ ਵਿੱਚ ਘੱਟ ਗਿਣਤੀ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਕਰਵਾਏ ਜਾ ਰਹੇ ਇਕ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲੈਣ ਪੁੱਜੇ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਉੱਤੇ ਨਿਸ਼ਾਨੇ ਵਿੰਨ੍ਹੇ ਅਤੇ ਮਹਿੰਗਾਈ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਧੂ ਸਿੰਘ ਧਰਮਸੋਤ ਨੇ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਉੱਤੇ ਹੀ ਨਿਸ਼ਾਨੇ ਵਿੰਨ੍ਹੇ। ਖ਼ਜ਼ਾਨਾ ਖ਼ਾਲੀ ਹੋਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜੀਐੱਸਟੀ ਦਾ ਹਿੱਸਾ ਸੂਬਾ ਸਰਕਾਰ ਨੂੰ ਨਹੀਂ ਦੇ ਰਹੀ ਇਸ ਕਰਕੇ ਖਜ਼ਾਨੇ ਉੱਤੇ ਇਸ ਦਾ ਬੋਝ ਪੈ ਰਿਹਾ ਹੈ।
ਲੁਧਿਆਣਾ ਜ਼ਿਲ੍ਹਾ ਅਦਾਲਤ ਵੱਲੋਂ ਸਿਟੀ ਸੈਂਟਰ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਇੰਦਰ ਸਿੰਘ ਸਣੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਮਾਮਲੇ ਉੱਤੇ ਵੀ ਖੁਸ਼ੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਅਦਾਲਤ ਦਾ ਫੈਸਲਾ ਸਾਰਿਆਂ ਦੇ ਸਿਰ ਮੱਥੇ ਹੈ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਹਾਈਕਮਾਨ ਜਿਸ ਕਿਸੇ ਨੂੰ ਵੀ ਮੁੱਖ ਮੰਤਰੀ ਅਹੁਦੇ ਜਾਂ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਬਣਾਵੇਗੀ ਉਹ ਸਿਰ ਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਦੇ ਹੀ ਆਗੂ ਹਨ ਜੇ ਉਨ੍ਹਾਂ ਦੇ ਨਾਂ ਉੱਤੇ ਮੋਹਰ ਲੱਗਦੀ ਹੈ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਕੋਈ ਵੀ ਆਗੂ ਵਿਧਾਇਕ ਨਾਰਾਜ਼ ਨਹੀਂ ਹੈ। ਥੋੜ੍ਹੇ ਬਹੁਤ ਮਤਭੇਦ ਜ਼ਰੂਰ ਚੱਲਦੇ ਰਹਿੰਦੇ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਪਾਰਟੀ ਦੇ ਵਿਰੋਧੀ ਹੋ ਗਏ ਹਨ।