ਲੁਧਿਆਣਾ: ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਸ਼ੁਕਰਵਾਰ ਨੂੰ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਦੀ ਅਗਵਾਈ ਕਰਦਿਆ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੁਧਿਆਣਾ ਦੇ ਵਿਧਾਇਕਾਂ ਨਾਲ ਇੱਕ ਬੈਠਕ ਕੀਤੀ। ਉੱਥੇ ਹੀ, ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂਕੇ ਇਸ ਬੈਠਕ ਤੋਂ ਅਸੰਤੁਸ਼ਟ ਨਜ਼ਰ ਆਈ ਹੈ।
ਇਸ ਬੈਠਕ ਵਿੱਚ ਬ੍ਰਹਮ ਮਹਿੰਦਰਾ ਨੇ, ਜਿੱਥੇ ਲੁਧਿਆਣਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ, ਉੱਥੇ ਹੀ ਇਨ੍ਹਾਂ ਦਾ ਹੱਲ ਜਲਦ ਕਰਨ ਦਾ ਭਰੋਸਾ ਵੀ ਦਿਵਾਇਆ। ਉਧਰ ਬੈਠਕ ਵਿੱਚ ਪਹੁੰਚੀ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਮੁਸ਼ਕਿਲਾਂ ਤੋਂ ਸੁਣਦੀ ਹੈ, ਪਰ ਉਸ ਦਾ ਹੱਲ ਨਹੀਂ ਕੱਢਦੀ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੁਧਿਆਣਾ ਵਿੱਚ ਬੁੱਢੇ ਨਾਲੇ ਦੀ ਵੱਡੀ ਸਮੱਸਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਖੁੱਦ ਇਸ ਨੂੰ ਹੱਲ ਕਰਨ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਸਥਾਨਕ ਸਮੱਸਿਆਵਾਂ ਬਾਰੇ ਉਨ੍ਹਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਇਸ ਮੌਕੇ ਰੇਹੜੀ ਫੜ੍ਹੀਆਂ ਵਾਲਿਆਂ ਦਾ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ।
ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਰੇਹੜੀ ਫੜ੍ਹੀਆਂ ਵਾਲਿਆਂ ਨੂੰ ਥਾਂ ਮਿਲਣੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਇਸ ਸੰਬੰਧੀ ਲੁਧਿਆਣਾ ਦੇ ਮੇਅਰ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਇਸ ਸੰਬੰਧੀ ਪੁਖ਼ਤਾ ਕਦਮ ਚੁੱਕ ਰਹੇ ਹਨ।
ਦੂਜੇ ਪਾਸੇ, ਬੈਠਕ ਵਿੱਚ ਪਹੁੰਚੀ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਹ ਇਸ ਬੈਠਕ ਤੋਂ ਕੁਝ ਖਾਸ ਖੁਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿੱਚ ਜੋ ਲੁਧਿਆਣਾ ਦੀਆਂ ਮੁੱਢਲੀਆਂ ਸਮੱਸਿਆਵਾਂ ਹਨ, ਉਨ੍ਹਾਂ 'ਤੇ ਚਰਚਾ ਤਾਂ ਕੀਤੀ ਗਈ, ਪਰ ਹੱਲ ਲਈ ਕੋਈ ਪੁਖ਼ਤਾ ਜਵਾਬ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਸੈਲਾਨੀਆਂ ਲਈ ਅੱਜ ਤੋਂ ਬੰਦ ਹੋਇਆ ਜਲ੍ਹਿਆਂਵਾਲਾ ਬਾਗ