ਲੁਧਿਆਣਾ: ਅੱਜ ਮਹਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਜਗਰਾਓ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਹਾਲੇ ਵੀ ਇਸ ਗੱਲ ਦਾ ਮਲਾਲ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ।
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਕਿਹਾ ਕਿ ਇੱਕ ਪਾਸੇ ਤਾਂ ਅੱਜ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਹੈ ਤੇ ਦੂਜੇ ਪਾਸੇ ਉਨ੍ਹਾਂ ਨੂੰ ਇਸ ਗੱਲ ਦਾ ਦੁਖ ਵੀ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਕੇਂਦਰ ਦੀ ਸਰਕਾਰ ਵੱਲੋਂ ਅਜੇ ਤੱਕ ਕੌਮੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਜੋ ਕੁਰਬਾਨੀ ਦਿੱਤੀ ਹੈ ਉਹ ਬੇਮਿਸਾਲ ਹੈ ਪਰ ਸਾਡੇ ਲਈ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਸਰਕਾਰਾਂ ਵੱਲੋਂ ਕੌਮੀ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਗਤ ਸਿੰਘ ਨੂੰ ਕੌਮੀ ਦਰਜਾ ਦਵਾਉਣ ਲਈ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਸੀ ਪਰ ਉਨ੍ਹਾਂ ਵੱਲੋਂ ਇਸ ਉੱਤੇ ਕੋਈ ਕਾਰਵਾਈ ਨਹੀਂ ਹੋਈ।
ਇਸ ਦੇ ਨਾਲ ਹੀ ਗੁਰਦੀਪ ਗੋਸ਼ਾ ਨੇ ਕਿਹਾ ਕਿ ਭਗਤ ਸਿੰਘ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਤੇ ਉਨ੍ਹਾਂ ਦੇ ਕਿਸਾਨਾਂ ਲਈ ਇੱਕ ਪਾਰਟੀ ਵੀ ਬਣਾਈ ਸੀ ਜਿਸ ਦਾ ਨਾਂਅ ਕਿਸਾਨ ਕਿਰਤੀ ਪਾਰਟੀ ਸੀ ਪਰ ਅੱਜ ਕਿਸਾਨ ਵੀ ਮਰ ਰਿਹਾ ਤੇ ਨੌਜਵਾਨ ਵੀ ਮਰ ਰਿਹਾ ਹੈ।
ਇਹ ਵੀ ਪੜ੍ਹੋ:ਯੂਥ ਕਾਂਗਰਸ ਦੇ ਵਰਕਰਾਂ ਨੇ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਲਾਈ ਅੱਗ, ਧਾਰਾ 144 ਲਾਗੂ