ਲੁਧਿਆਣਾ: ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਨੇਤਾ ਵਜੋਂ ਚੁਣੇ ਜਾਣ 'ਤੇ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ 'ਤੇ ਧੰਨਵਾਦ ਕੀਤਾ। ਉੱਥੇ ਹੀ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਪਾਰਟੀ ਪ੍ਰਧਾਨ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉੱਪਰ ਚੁੱਕਣ ਲਈ ਉਹ ਪੂਰੇ ਯਤਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧੰਨਵਾਦੀ ਹਨ ਕਿ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਅਹੁਦੇ ਕਾਬਲ ਸਮਝਿਆ ਅਤੇ ਇਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪਾਰਟੀ ਦੀਆ ਆਸਾਂ 'ਤੇ ਖਰਾ ਉਤਰਨਗੇ।
ਉਧਰ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਦਿਨੀਂ ਹੋਈ ਪੱਥਰਬਾਜ਼ੀ ਨੂੰ ਲੈ ਕੇ ਵੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮੁੱਖ ਧਾਰਮਿਕ ਸਥਾਨਾਂ 'ਚੋਂ ਨਨਕਾਣਾ ਸਾਹਿਬ ਇੱਕ ਹੈ ਅਤੇ ਉਸ ਦੀ ਬੇਅਦਬੀ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ 'ਤੇ ਸਖ਼ਤ ਨੋਟਿਸ ਲੈਂਦਿਆਂ ਇਸ ਸਬੰਧੀ ਆਵਾਜ਼ ਚੁੱਕਣੀ ਚਾਹੀਦੀ ਹੈ।
ਇਹ ਵੀ ਪੜੋ: ਸ੍ਰੀ ਨਨਕਾਣਾ ਸਾਹਿਬ ਹਮਲਾ: ਅਜਮੇਰ ਸ਼ਰੀਫ਼ ਦੇ ਖਾਦਿਮ ਨੇ ਸਖ਼ਤ ਕਾਰਵਾਈ ਦੀ ਕੀਤੀ ਅਪੀਲ
ਦੱਸ ਦੇਈਏ ਕਿ ਪਰਮਿੰਦਰ ਢੀਂਡਸਾ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਅਕਾਲੀ ਦਲ ਨੇ ਸ਼ਰਨਜੀਤ ਸਿੰਘ ਢਿਲੋਂ ਨੂੰ ਵਿਧਾਨ ਸਭਾ 'ਚ ਵਿਧਾਇਕ ਦਲ ਦਾ ਲੀਡਰ ਥਾਪਿਆ ਹੈ। ਇਸ ਦਾ ਐਲਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ ਹੈ।