ਲੁਧਿਆਣਾ: ਇੱਕ ਪਾਸੇ ਜਿਥੇ ਕੋਰੋਨਾ ਮਹਾਂਮਾਰੀ ਕਾਰਨ ਰੋਜ਼ਾਨਾ ਕਈ ਜਾਨਾਂ ਜਾ ਰਹੀਆਂ ਹਨ, ਉਥੇ ਹੀ ਮੰਡੀਆਂ 'ਚ ਆ ਰਹੀਆਂ ਕਿਸਾਨਾਂ ਨੂੰ ਪਰੇਸ਼ਾਨੀਆਂ ਦੇ ਚੱਲਦਿਆਂ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਖੁਰਾਕ ਸਪਲਾਈ ਵਿਭਾਗ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਅੱਗੇ ਕਿਸਾਨਾਂ ਦੇ ਹੱਕ 'ਚ ਧਰਨਾ ਦਿੱਤਾ ਗਿਆ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹੋਰ ਸੂਬਿਆਂ 'ਚ ਕਣਕ ਦੇ ਖਰੀਦ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ, ਜਦ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਫਸਲ ਦੀ ਖਰੀਦ ਦੇਰੀ ਨਾਲ ਸ਼ੁਰੂ ਕੀਤੀ ਗਈ, ਤੇ ਹੁਣ ਬਾਰਦਾਨੇ ਦੀ ਕਮੀ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰੋਲ ਕੇ ਰੱਖ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲਦ ਹੀ ਕਿਸਾਨਾਂ ਨੂੰ ਆ ਰਹੀਆਂ ਮੁਸ਼ੀਕਲਾਂ ਨੂੰ ਹੱਲ ਕਰੇ। ਇਸ ਸਬੰਧੀ ਜ਼ਿਲ੍ਹਾ ਯੂਥ ਪ੍ਰਧਾਨ ਗੁਰਦੀਪ ਗੋਸ਼ਾ ਦਾ ਕਹਿਣਾ ਕਿ ਕਿਸਾਨ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਤੋਂ ਵੀ ਦੁਖੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ।
ਉਧਰ ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਦੇ ਸੁਰੱਖਿਆ ਪ੍ਰਬੰਧ ਪੂਰੇ ਹਨ, ਅਤੇ ਜੇਕਰ ਕੋਈ ਵੀ ਧੱਕੇਸ਼ਾਹੀ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਦੇ ਆਗੂਆਂ ਵਲੋਂ ਪ੍ਰਦਰਸ਼ਨ ਕਰਦਿਆਂ ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਭਾਰਤ 'ਚ ਕੋਵਿਡ-19 ਨੂੰ ਲੈ ਕੇ ਸੱਤਿਆ ਨਡੇਲਾ ਅਤੇ ਸੁੰਦਰ ਪਿਚਾਈ ਨੇ ਜਤਾਈ ਚਿੰਤਾ, ਕੀਤਾ ਮਦਦ ਦਾ ਵਾਅਦਾ