ਲੁਧਿਆਣਾ: ਬਟਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ 45 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਸ਼ਨੀਵਾਰ ਨੂੰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪ੍ਰੈਸ ਕਾਨਫ਼ੰਰਸ ਕੀਤੀ। ਇਸ ਦੌਰਾਨ ਬੈਂਸ ਨੇ ਸੱਤਾਧਾਰੀ ਕਾਂਗਰਸ ਪਾਰਟੀ ਅਤੇ ਅਕਾਲੀ ਦਲ 'ਤੇ ਜਮ ਕੇ ਨਿਸ਼ਾਨੇ ਵਿੰਨ੍ਹੇ।
ਬੈਂਸ ਨੇ ਕਿਹਾ ਕਿ ਸ਼ਰਾਬ ਦੀਆਂ ਨਜਾਇਜ਼ ਫੈਕਟਰੀਆਂ ਦੇ ਮਾਲਕਾਂ ਦੇ ਸਬੰਧ ਸਿਆਸੀ ਆਗੂਆਂ ਨਾਲ ਹਨ ਅਤੇ ਮੁੱਖ ਮੰਤਰੀ ਜਲਦ ਇਨ੍ਹਾਂ ਵਿਰੁੱਧ ਕਾਰਵਾਈ ਕਰ ਹਾਲਾਤ 'ਤੇ ਕਾਬੂ ਕਰਨ।
ਉਨ੍ਹਾਂ ਕਿਹਾ ਕਿ ਖੰਨਾ ਅਤੇ ਸ਼ੰਭੂ ਨੇੜੇ ਜੋ ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ ਫੜੀਆਂ ਗਈਆਂ ਹਨ, ਉਹ ਫੈਕਟਰੀਆਂ ਕਾਂਗਰਸੀ ਅਤੇ ਅਕਾਲੀ ਆਗੂਆਂ ਦੀ ਸ਼ਹਿ 'ਤੇ ਹੀ ਚੱਲ ਰਹੀਆਂ ਸਨ।
ਬੈਂਸ ਨੇ ਜ਼ਹਿਰੀਲੀ ਸ਼ਰਾਬ ਪੀ ਕੇ ਮਰੇ ਹਰੇਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਇੱਕ-ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਦੇ ਮੁਖੀ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਐਲਾਨੀ ਮੈਜਿਸਟ੍ਰੇਟ ਜਾਂਚ 'ਤੇ ਤੰਜ ਕਸਦਿਆਂ ਕਿਹਾ ਕਿ ਇਹ ਜਾਂਚ ਵੀ ਮਾਮਲੇ ਨੂੰ ਠੰਢੇ ਬਸਤੇ ਵਿੱਚ ਪਾਉਣ ਲਈ ਐਲਾਨੀ ਗਈ ਹੈ।