ਲੁਧਿਆਣਾ: ਅੰਮ੍ਰਿਤਸਰ ਰੇਲ ਹਾਦਸੇ ਵਿੱਚ ਜਾਂਚ ਰਿਪੋਰਟ ਜਨਤਕ ਹੋਣ ਤੋਂ ਬਾਅਦ 23 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬਾਰੇ ਸਿਮਰਜੀਤ ਬੈਂਸ ਨੇ ਕਿਹਾ ਕਿ ਇਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਮਾਮਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ 'ਤੇ ਹੋਣਾ ਚਾਹੀਦਾ ਸੀ, ਕਿਉਂਕਿ ਉਨ੍ਹਾਂ ਦੀ ਹੀ ਦੇਖ-ਰੇਖ 'ਚ ਇਹ ਪੂਰਾ ਪ੍ਰੋਗਰਾਮ ਮਨਾਇਆ ਜਾ ਰਿਹਾ ਸੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਜਾਂਚ ਦੀ ਜਿਹੜੀ ਰਿਪੋਰਟ ਸਾਹਮਣੇ ਆਈ ਹੈ, ਉਸ ਵਿੱਚ ਦੁਸਹਿਰਾ ਕਮੇਟੀ ਤੇ ਛੋਟੇ ਅਫ਼ਸਰਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ, ਜਦੋਂਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ 'ਤੇ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ।
ਉਧਰ ਆਟਾ ਦਾਲ ਸਕੀਮ ਨੂੰ ਲੈ ਕੇ ਵੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਹੁਣ ਪੰਜਾਬ ਦੀ ਸਰਕਾਰ ਦੇ ਕਾਰਜਕਾਲ ਦੇ 2 ਸਾਲ ਹੀ ਰਹਿੰਦੇ ਹਨ, ਜਿਸ ਕਰਕੇ ਹੁਣ ਇਹ ਲੋਕਾਂ ਨੂੰ ਸ਼ਗੂਫੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੀਫੈਸਟੋ ਦੇ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ 'ਚੋਂ ਕੋਈ ਵੀ ਵਫ਼ਾ ਨਹੀਂ ਕੀਤਾ ਗਿਆ।