ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਮੁੜ ਤੋਂ ਟਰਾਂਸਪੋਰਟ ਮਾਫੀਆ ਉੱਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਹੁਣ ਪਰਵਾਸੀਆਂ ਨੂੰ ਛੱਡ ਕੇ ਐਨਆਰਆਈਜ਼ ਜੋ ਦੁਬਈ, ਮਸਕਟ, ਮਲੇਸ਼ੀਆ, ਦੋਹਾ ਕਤਰ ਆਦਿ ਦੇਸ਼ਾਂ ਤੋਂ ਆ ਰਹੇ ਹਨ ਉਨ੍ਹਾਂ ਦੀ ਲੁੱਟ ਖਸੁੱਟ ਹੋ ਰਹੀ ਹੈ।
ਬੈਂਸ ਨੇ ਕਿਹਾ ਕਿ ਬੱਸਾਂ ਵਾਲੇ ਉਨ੍ਹਾਂ ਨੂੰ ਦਿੱਲੀ ਅਤੇ ਅੰਮ੍ਰਿਤਸਰ ਤੋਂ ਲਿਆਉਣ ਦਾ ਕਿਰਾਇਆ ਵਸੂਲ ਰਹੇ ਹਨ। ਉੱਥੇ ਹੀ ਪੰਜਾਬ ਸਰਕਾਰ ਉਨ੍ਹਾਂ ਨੂੰ ਕੋਈ ਸੁਵਿਧਾਵਾਂ ਮੁਹੱਈਆ ਨਹੀਂ ਕਰਵਾ ਰਹੀ, ਸਗੋਂ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰੱਖਣ ਦਾ ਵੀ 500 ਰੁਪਏ ਪ੍ਰਤੀ ਦਿਨ ਚਾਰਜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਗਰੀਬ ਦੇਸ਼ਾਂ ਤੋਂ ਆਏ ਹਨ ਅਤੇ ਗ੍ਰੀਨ ਜ਼ੋਨਾਂ ਤੋਂ ਆ ਕੇ ਉਨ੍ਹਾਂ ਨੂੰ ਇੱਥੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਬੀਤੇ ਦਿਨ ਪਾਰਕਰ ਹਾਊਸ ਅਤੇ ਮੈਰੀਟੋਰੀਅਸ ਸਕੂਲ ਵਿੱਚ ਇਕਾਂਤਵਾਸ ਵਿੱਚ ਰੱਖੇ ਹੋਏ ਲੋਕਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣਾ ਦੁੱਖ ਸਾਂਝਾ ਕੀਤਾ।
ਸ਼ਰਾਬ ਫੈਕਟਰੀਆਂ ਦੇ ਵਿੱਚ ਅਧਿਆਪਕਾਂ ਦੀ ਡਿਊਟੀ ਲਾਉਣ ਸਬੰਧੀ ਵੀ ਸਿਮਰਜੀਤ ਬੈਂਸ ਨੇ ਕਿਹਾ ਕਿ ਇਨ੍ਹਾਂ ਸ਼ਰਾਬ ਫੈਕਟਰੀਆਂ ਦੇ ਵਿੱਚ ਸੀਸੀਟੀਵੀ ਕੈਮਰੇ ਲੱਗਣੇ ਚਾਹੀਦੇ ਹਨ ਅਤੇ ਕਿੰਨੇ ਟਰੱਕ ਬਾਹਰ ਨਿਕਲੇ ਇਸ ਸਬੰਧੀ ਪੂਰੀ ਜਾਂਚ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਵਸੂਲੀਆਂ ਜਾ ਰਹੀਆਂ ਫੀਸਾਂ ਦਾ ਵੀ ਮੁੱਦਾ ਚੁੱਕਦਿਆਂ। ਉਨ੍ਹਾਂ ਕਿਹਾ ਕਿ ਇਸ ਵਿਰੁੱਧ ਨਕੇਲ ਕੱਸਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਅਧਿਆਪਕ ਦੇ ਖਿਲਾਫ ਮੰਦੀ ਸ਼ਬਦਾਵਲੀ ਨਹੀਂ ਬੋਲ ਰਹੇ ਪਰ ਜੋ ਸਕੂਲ ਮਾਫੀਆ ਹੈ ਉਹ ਲੁੱਟ ਮਾਫ਼ੀਆ ਬਣਿਆ ਹੋਇਆ ਹੈ ਅਤੇ ਸਿਆਸਤਦਾਨਾਂ ਨਾਲ ਮਿਲ ਕੇ ਇਹ ਪੂਰਾ ਗੋਰਖਧੰਦਾ ਚਲਾ ਰਹੇ ਹਨ।