ਲੁਧਿਆਣਾ: ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਉੱਥੇ ਹੀ ਪੌਜ਼ੀਟਿਵ ਮਰੀਜ਼ ਲਗਾਤਾਰ ਪ੍ਰਬੰਧ ਅਧੂਰੇ ਹੋਣ ਦੀਆਂ ਸ਼ਿਕਾਇਤਾਂ ਵੀ ਕਰ ਰਹੇ ਹਨ।
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸਾਰ ਲੈਣ ਲਈ ਪਹੁੰਚੇ। ਉਨ੍ਹਾਂ ਨੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦੀ ਸੂਚੀ ਬਣਾਈ। ਬੈਂਸ ਨੇ ਉਨ੍ਹਾਂ ਨੂੰ ਹਰ ਸਾਮਾਨ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਮਰੀਜ਼ਾਂ ਨੇ ਖਿੜਕੀਆਂ ਤੋਂ ਬੈਂਸ ਨੂੰ ਆਪਣੀ ਸਮੱਸਿਆਵਾਂ ਦੱਸੀਆਂ। ਸਿਮਰਜੀਤ ਬੈਂਸ ਨੇ ਕਿਹਾ ਕਿ ਸਰਕਾਰ ਦੇ ਪ੍ਰਬੰਧ ਸਾਰਿਆਂ ਦੀਆਂ ਨਜ਼ਰਾਂ ਸਾਹਮਣੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਅੱਜ ਲੋੜ ਹੈ ਸਿਆਸਤ ਤੋਂ ਉੱਪਰ ਉੱਠ ਕੇ ਇੰਨ੍ਹਾਂ ਲੋਕਾਂ ਦੀ ਹੌਂਸਲਾ ਅਫਜ਼ਾਈ ਕਰਨ ਦੀ ਤਾਂ ਜੋ ਇਹ ਇਸ ਬਿਮਾਰੀ ਨੂੰ ਆਸਾਨੀ ਨਾਲ ਹਰਾ ਸਕਣ।
ਬੈਂਸ ਨੇ ਇਸ ਮੌਕੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਦਾਅਵੇ ਕੀਤੇ ਜਾ ਰਹੇ ਹਨ, ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਲੋਕ ਪ੍ਰੇਸ਼ਾਨ ਹਨ ਅਤੇ ਪੌਜ਼ੀਟਿਵ ਮਰੀਜ਼ਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਗੁੱਸੇ ਦੀ ਨਜ਼ਰਾਂ ਨਾਲ ਵੇਖਿਆ ਜਾ ਰਿਹਾ ਹੈ ਜਦੋਂ ਕਿ ਇਸ ਵਿੱਚ ਇੰਨ੍ਹਾਂ ਦਾ ਕੋਈ ਕਸੂਰ ਨਹੀਂ।
ਬੈਂਸ ਨੇ ਕਿਹਾ ਕਿ ਜੋ ਲੋਕ ਆਲੋਚਨਾ ਕਰ ਰਹੇ ਹਨ, ਉਹ ਇਹੀ ਕਰ ਸਕਦੇ ਹਨ। ਲੋਕਾਂ ਦੀ ਸੇਵਾ ਕਰਨੀ ਬਹੁਤ ਵੱਡਾ ਕੰਮ ਹੈ। ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਵੀ ਬੈਂਸ ਨੇ ਕਿਹਾ ਕਿ ਸੂਬਾ ਸਰਕਾਰਾਂ ਨੂੰ ਜੋ ਆਪਣੇ ਘਰ ਜਾਣਾ ਚਾਹੁੰਦੇ ਹਨ। ਉਨ੍ਹਾਂ ਲਈ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਸੂਬਿਆਂ ਅਤੇ ਪਿੰਡਾਂ ਨੂੰ ਭੇਜਣਾ ਚਾਹੀਦਾ ਹੈ।