ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੀ ਐਸਟੀਐਫ਼ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਜੱਜ ਦੇ ਸਟੈਨੋ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 580 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਅੰਤਰਰਾਸ਼ਟਰੀ ਬਜ਼ਾਰ ਵਿੱਚ ਹੈਰੋਇਨ ਦੀ ਕੀਮਤ 2 ਕਰੋੜ 90 ਲੱਖ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਧੀਰਜ ਕੁਮਾਰ ਅਤੇ ਸੰਜੇ ਨਾਗਪਾਲ ਉਰਫ਼ ਰੀਪੂ ਸ਼ਾਮਲ ਹਨ। ਇਹ ਦੋਵੇਂ ਸਿਰਸਾ ਦੇ ਰਹਿਣ ਵਾਲੇ ਹਨ। ਕਥਿਤ ਦੋਸ਼ੀ ਧੀਰਜ ਸਿਰਸਾ ਦੇ ਇੱਕ ਜੱਜ ਦਾ ਸਟੈਨੋ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸਿਰਸਾ ਦੇ ਰਹਿਣ ਵਾਲੇ ਨਸ਼ਾ ਤਸਕਰ ਲੁਧਿਆਣਾ ਵਿੱਚ ਨਸ਼ੇ ਦੀ ਸਪਲਾਈ ਲਈ ਆਏ ਹਨ, ਇਤਲਾਹ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪੁੱਜੀ ਅਤੇ ਦੋਸ਼ੀਆਂ ਨੂੰ 580 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਰੇਸ਼ ਕੁਮਾਰ ਨੇ ਕਿਹਾ ਕਿ ਇਸ ਸਬੰਧੀ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।