ਲੁਧਿਆਣਾ: ਲੁਧਿਆਣਾ ਐੱਸ.ਟੀ.ਐੱਫ ਦੀ ਟੀਮ ਨੂੰ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਉਨ੍ਹਾਂ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਲਗਾ ਤਿੰਨ ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਿੰਨ ਵਿਅਕਤੀ ਜਨਤਾ ਨਗਰ 'ਚ ਨਸ਼ੇ ਦੀ ਤਸਕਰੀ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਉਨ੍ਹਾਂ ਵਲੋਂ ਨਾਕਾਬੰਦੀ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਦੀ ਟੀਮ ਵਲੋਂ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਰੋਕ ਤਲਾਸ਼ੀ ਲਈ ਗਈ ਤਾਂ ਐੱਸ.ਟੀ.ਐੱਫ ਦੀ ਟੀਮ ਵਲੋਂ ਉਨ੍ਹਾਂ ਕੋਲੋਂ ਡੇਢ ਸੌ ਗ੍ਰਾਮ ਹੈਰੋਇਨ, ਇੱਕ ਪਿਸਤੌਲ, ਇੱਕ ਰਿਵਾਲਵਰ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਜਾਂਚ ਅਧਿਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਦੀ ਪਹਿਚਾਣ ਲਖਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਇਕਬਾਲ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਇੰਸ. ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਆਰੋਪੀ ਨਾਜਾਇਜ਼ ਅਸਲਾ ਯੂ.ਪੀ ਦੇ ਕਾਨਪੁਰ ਤੋਂ ਲੈ ਕੇ ਆਉਂਦੇ ਸੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਹੈਰੋਇਨ ਇਹ ਫਿਰੋਜ਼ਪੁਰ ਵਾਲੇ ਪਾਸੇ ਤੋਂ ਲੈਕੇ ਆਉਂਦੇ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਨਸ਼ੇ ਦੇ ਆਦੀ ਸੀ,ਜਿਸ ਦੀ ਪੂਰਤੀ ਲਈ ਇਨ੍ਹਾਂ ਵਲੋਂ ਨਸ਼ਾ ਤਸਕਰੀ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਰਿਮਾਂਡ ਲੈਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਸਿੱਧੂ ਦਾ ਮੁੜ ਕੈਪਟਨ 'ਤੇ ਨਿਸ਼ਾਨਾ: ਕੀ ਬੇਅਦਬੀ ਦਾ ਕੇਸ ਗ੍ਰਹਿ ਮੰਤਰੀ ਦੀ ਤਰਜੀਹ ਨਹੀਂ?