ਲੁਧਿਆਣਾ: ਲੰਮੇ ਸਮੇਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਰਹੇ।
ਸੁਖਬੀਰ ਬਾਦਲ ਨੇ ਜਿੱਥੇ ਰਾਜੋਆਣਾ ਦੀ ਭੈਣ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ, ਉੱਥੇ ਹੀ ਅਕਾਲੀ ਦਲ ਦੇ ਵਫ਼ਦ ਵੱਲੋਂ ਕੇਂਦਰ ਸਰਕਾਰ ਨਾਲ ਇਸ ਸਬੰਧੀ ਗੱਲਬਾਤ ਕਰਨ ਦੀ ਵੀ ਗੱਲ ਕਹੀ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਵਫ਼ਦ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੇ ਮਾਮਲੇ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ ਵਿੱਚ ਹੀ 11 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠਣ ਦੇ ਕੀਤੇ ਗਏ ਐਲਾਨ ਨੂੰ ਲੈ ਕੇ ਹੀ ਉਨ੍ਹਾਂ ਦੀ ਰਹਾਇਸ਼ 'ਤੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਵੱਲੋਂ ਵਿਧਾਇਕ ਦਲ ਦੇ ਆਗੂ ਵਜੋਂ ਦਿੱਤੇ ਗਏ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਵਿਧਾਇਕ ਦਲ ਦਾ ਨਵਾਂ ਆਗੂ ਸਾਹਨੇਵਾਲ ਤੋਂ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਬਣਾਇਆ ਗਿਆ।
ਉਧਰ ਦੂਜੇ ਪਾਸੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆ ਕੇ ਉਨ੍ਹਾਂ ਨੂੰ ਭਰੋਸਾ ਦਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਉਮੀਦ ਹੈ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਜਲਦ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਬੀਤੇ 24 ਸਾਲ ਤੋਂ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ। ਇਸ ਕਰਕੇ ਉਨ੍ਹਾਂ ਦੀ ਹੁਣ ਰਿਹਾਈ ਹੋਣੀ ਚਾਹੀਦੀ ਹੈ।
ਸੋ ਜਿੱਥੇ, ਇਕ ਪਾਸੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਕਰਨ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਅਤੇ ਐਸਜੀਪੀਸੀ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਉੱਥੇ ਹੀ, ਬੀਤੇ ਦਿਨੀਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆ ਕੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਇਹ ਭਰੋਸਾ ਦਿਵਾਇਆ ਕਿ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੰਭਵ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਪਰਮਿੰਦਰ ਢੀਂਡਸਾ ਦੇ ਅਸਤੀਫ਼ੇ 'ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ