ਲੁਧਿਆਣਾ: ਲੁਧਿਆਣਾ ਵਿੱਚ ਟੈਕਸੀ ਚਾਲਕਾਂ ਅਤੇ ਮਾਲਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ। ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਨੂੰ 12 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਜਾਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੀ ਵਾਰ ਉਹ ਟਰਾਂਸਪੋਰਟਰ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।
ਟੈਕਸੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਵਾਰ-ਵਾਰ ਸਰਕਾਰ ਨੂੰ ਅਪੀਲ ਕਰਨ ਉੱਤੇ ਵੀ ਸਰਕਾਰ ਜਾਗ ਨਹੀਂ ਰਹੀ। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਟੈਕਸੀ ਚਾਲਕਾਂ ਦੇ ਮਾਲਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਕੋਰੋਨਾ ਦੀ ਆੜ ਵਿੱਚ ਉਨ੍ਹਾਂ ਉੱਪਰ ਕਾਨੂੰਨ ਥੋਪੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਟੈਕਸੀ ਚਾਲਕ ਅਤੇ ਮਾਲਕ ਵੱਡੀ ਮਾਤਰਾ ਵਿੱਚ ਟੈਕਸ ਅਦਾ ਕਰਦੇ ਹਨ। ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਲੁੱਟਣ ਅਤੇ ਸ਼ੋਸ਼ਣ ਵਾਸਤੇ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਜੇਕਰ ਸਰਕਾਰ ਨਾ ਜਾਗੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਉਥੇ ਹੀ ਹੋਰ ਟੈਕਸੀ ਚਾਲਕਾਂ ਦੇ ਮਾਲਕਾਂ ਵੱਲੋਂ ਵੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੇ ਦੌਰਾਨ ਉਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਮਦਦ ਨਹੀਂ ਮਿਲੀ ਅਤੇ ਰਾਜਨੀਤਕ ਰੈਲੀਆਂ ਵਿੱਚ ਕੋਰੋਨਾ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਨੇ ਸੁਣਵਾਈ ਨਾ ਕੀਤੀ ਤਾਂ ਸੰਘਰਸ਼ ਤੇਜ਼ ਕਰ ਦਿੱਤਾ ਜਾਵੇਗਾ।