ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਚਡੂਨੀ ਵੱਲੋਂ ਅੱਜ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਕੁਝ ਸਮੇਂ ਲਈ ਮੁਫ਼ਤ ਕਰ ਦਿੱਤਾ ਗਿਆ ਅਤੇ ਨਾਲ ਹੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਦਰਅਸਲ ਸ਼ਾਹਬਾਦ ਦੇ ਵਿੱਚ ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਚਡੂਨੀ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਅਤੇ ਇਸ ਦੌਰਾਨ ਸੜਕ ਜਾਮ ਕੀਤੀ ਗਈ ਸੀ। ਇਸ ਮੌਕੇ ਪ੍ਰਸ਼ਾਸਨ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਦੀ ਥਾਂ ਉੱਤੇ ਉਨ੍ਹਾਂ ਉੱਤੇ ਲਾਠੀਚਾਰਜ ਕਰ ਦਿੱਤਾ ਗਿਆ ਅਤੇ ਇਸ ਦੌਰਾਨ ਇੱਕ ਕਿਸਾਨ ਦੀ ਮੌਤ ਵੀ ਹੋ ਗਈ।
ਟੋਲ ਪਲਾਜ਼ਾ ਉੱਤੇ ਧਰਨਾ: ਕਿਸਾਨ ਦੀ ਮੌਤ ਤੋਂ ਮਗਰੋਂ ਦੇਸ਼ ਭਰ ਦੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਭਾਰਤੀ ਕਿਸਾਨ ਯੂਨੀਅਨ ਚਡੂਨੀ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਅੱਜ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਟੋਲ ਪਲਾਜ਼ਿਆਂ ਉੱਤੇ ਪ੍ਰਦਰਸ਼ਨ ਆਰੰਭ ਦਿੱਤੇ ਗਏ ਹਨ ਅਤੇ ਹੁਣ ਇਹ ਪਲਾਜ਼ਾ ਲੋਕਾਂ ਲਈ ਮੁਫ਼ਤ ਵੀ ਕਰਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਗੱਲਾਂ ਮੰਨਣ ਦੀ ਥਾਂ ਉੱਤੇ ਲਾਠੀਚਾਰਜ ਕਰ ਰਹੀ ਹੈ ਜੋ ਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਕਿਸਾਨਾਂ ਉੱਤੇ ਲਾਠੀਚਾਰਜ: ਇਸ ਮੌਕੇ ਰਾਹਗੀਰਾਂ ਦੇ ਲਈ ਟੋਲ ਪਲਾਜ਼ਾ ਨੂੰ ਕੁੱਝ ਸਮੇਂ ਦੇ ਲਈ ਬਿਲਕੁੱਲ ਮੁਫਤ ਕਰ ਦਿੱਤਾ ਗਿਆ, ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਅਤੇ ਕਿਹਾ ਗਿਆ ਕਿ ਸਰਕਾਰਾਂ ਆਪਣੀ ਮਨਮਰਜ਼ੀ ਕਰ ਰਹੀਆਂ ਹਨ ਅਤੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਯੁਨੀਅਨ ਦੇ ਆਗੂਆਂ ਨੇ ਕਿਹਾ ਕਿ ਸਾਡੇ ਵੱਲੋਂ ਹਰਿਆਣਾ ਸਰਕਾਰ ਤੋਂ ਸੂਰਜਮੁਖੀ ਫਸਲ ਲਈ ਐਮ ਐਸ ਪੀ ਦੀ ਮੰਗ ਕੀਤੀ ਜਾ ਰਹੀ ਸੀ, ਪਰ ਐਮਐਸਪੀ ਪੀ ਦੇਣ ਦੀ ਥਾਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰਾਂ ਦਾਅਵੇ ਕਰਦੀਆਂ ਹਨ ਕਿ ਕਿਸਾਨ ਫ਼ਸਲੀ ਚੱਕਰ ਵਿੱਚੋਂ ਬਾਹਰ ਨਿਕਲਣ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਜਦੋਂ ਹੋਰ ਫਸਲਾਂ ਲਗਾਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਉੱਤੇ ਐਮਐਸਪੀ ਸਰਕਾਰ ਨਹੀਂ ਦਿੰਦੀ। ਜਦੋਂ ਕਿਸਾਨ ਨੇ ਸੜਕਾਂ ਉੱਤੇ ਜਾ ਕੇ ਆਪਣਾ ਹੱਕ ਮੰਗਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉੱਤੇ ਲਾਠੀਚਾਰਜ ਕੀਤਾ ਗਿਆ।