ਲੁਧਿਆਣਾ: ਬੇਮੌਸਮੀ ਬਰਸਾਤ ਦੇ ਚੱਲਦਿਆਂ ਪੰਜਾਬ ਭਰ ਵਿੱਚ ਕਣਕ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਜਲਦ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਗੱਲ ਕਹੀ ਜਾ ਰਹੀ ਹੈ। ਪਰ ਉੱਥੇ ਹੀ ਕੇਂਦਰ ਵੱਲੋਂ ਕਣਕ ਦੀ ਖਰੀਦ ਵਿੱਚ ਲਗਾਏ ਕੱਟ ਨੂੰ ਲੈ ਕੇ ਕਿਸਾਨਾਂ ਵਿੱਚ ਵੱਡੀ ਨਰਾਜ਼ਗੀ ਨਜ਼ਰ ਆ ਰਹੀ ਹੈ। ਜਿਸ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ ਅਤੇ ਵੱਡੇ ਫੈਸਲੇ ਲਏ ਗਏ ਹਨ। ਜਿਸ ਵਿਚ ਕਿਸਾਨਾਂ ਦੀ ਨਾਰਾਜ਼ਗੀ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਜ਼ਰ ਆਈ ਹੈ।
18 ਅਪ੍ਰੈਲ ਨੂੰ ਪੰਜਾਬ ਵਿੱਚ ਰੇਲਾਂ ਜਾਮ:- ਲੁਧਿਆਣਾ ਵਿਖੇ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਇੱਕ ਪਾਸੇ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਖਰੀਦ ਵਿੱਚ 5 ਰੁਪਏ ਤੋਂ ਲੈ ਕੇ 37 ਰੁਪਏ ਤੱਕ ਵੱਡਾ ਕੱਟ ਲਗਾ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਜਲਦ ਵਾਪਸ ਲਿਆ ਅਤੇ ਮੁਆਵਜ਼ੇ ਦਾ ਐਲਾਨ ਨਾ ਕੀਤਾ ਤਾਂ 18 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
ਪੰਜਾਬ ਸਰਕਾਰ ਮੰਗਾਂ ਪੂਰੀਆਂ ਕਰੇ:- ਇਸ ਦੌਰਾਨ ਹੀ SKM ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ, ਉੱਥੇ ਹੀ ਪੰਜਾਬ ਸਰਕਾਰ ਨੂੰ ਵੀ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਗਿਰਦਾਵਰੀ ਕਰਵਾ ਕੇ ਜਲਦ ਮੁਆਵਜ਼ਾ ਨਾ ਦਿੱਤੇ ਤਾਂ ਪੰਜਾਬ ਸਰਕਾਰ ਦੇ ਖਿਲਾਫ਼ ਵੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ, ਜਦ ਕਿ ਦੂਜੇ ਪਾਸੇ ਅਜੇ ਤੱਕ ਕਿਸਾਨਾਂ ਦੀਆਂ ਗਿਰਦਾਵਰੀਆਂ ਨਹੀਂ ਹੋਈਆਂ। ਉਨ੍ਹਾਂ ਨੇ 100% ਨੁਕਸਾਨ ਵਾਲਿਆਂ ਨੂੰ 50000 ਅਤੇ 50%, ਤੋਂ ਵੱਧ ਵਾਲਿਆਂ ਨੂੰ 25000 ਮੁਆਵਜ਼ਾ ਦਿੱਤਾ ਜਾਵੇ।