ਲੁਧਿਆਣਾ: ਅੱਜ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਰਿਹਾਇਸ਼ ਵਿਖੇ ਨਤਮਸਤਕ ਹੋਣ ਲਈ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਪਹੁੰਚੇ।ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ।
ਸਿਹਤ ਮੰਤਰੀ ਵੱਲੋਂ ਸ਼ਹੀਦਾਂ ਦੀ ਪ੍ਰਤਿਮਾ 'ਤੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਅੱਜ ਸਾਰਿਆਂ ਨੂੰ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦੀ ਲੋੜ ਹੈ ਜਿਨ੍ਹਾਂ ਕਰਕੇ ਅਸੀਂ ਆਜ਼ਾਦੀ ਦੇ ਦਿਹਾੜੇ ਮਨਾ ਰਹੇ ਹਾਂ।
ਕੇਂਦਰੀ ਸਿਹਤ ਮੰਤਰੀ ਵੱਲੋਂ ਕਿਹਾ ਗਿਆ ਕਿ ਇਨ੍ਹਾਂ ਸ਼ਹੀਦਾਂ ਕਰਕੇ ਹੀ ਸਾਡਾ ਦੇਸ਼ ਆਜ਼ਾਦ ਹੋਇਆ। ਇਨ੍ਹਾਂ ਸ਼ਹੀਦਾਂ ਨੇ ਆਪਣੀ ਜਾਨ ਦੀ ਕੁਰਬਾਨੀ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇ ਦਿੱਤੀ। ਹਾਲਾਂਕਿ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਅੱਜ ਤੱਕ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਹੀ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਲਈ ਸਾਡੇ ਸਾਰਿਆਂ ਦੇ ਦਿਲਾਂ ਵਿਚ ਸਨਮਾਨ ਹੈ। ਪੂਰੇ ਦੇਸ਼ ਦੇ ਲੋਕ ਉਨ੍ਹਾਂ ਦੀ ਸ਼ਹਾਦਤ ਅਤੇ ਕੁਰਬਾਨੀ ਦੇ ਕਰਜ਼ਈ ਹਨ।
ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਯੂਸ਼ਮਾਨ ਸਕੀਮ ਦੀ ਲੋੜ ਹੀ ਨਹੀਂ ਹੈ, ਉਨ੍ਹਾਂ ਲਈ ਮੁਹੱਲਾ ਕਲੀਨਿਕ ਹੀ ਕਾਰਗਰ ਸਾਬਿਤ ਹੋਣਗੇ। ਉਨ੍ਹਾਂ ਸਰਕਾਰ ਦੇ ਖਿਲਾਫ ਕੁਝ ਵੀ ਨਾ ਬੋਲਦਿਆਂ ਸਿਰਫ ਇਹੀ ਕਿਹਾ ਕਿ ਆਯੂਸ਼ਮਾਨ ਯੋਜਨਾ ਦੇ ਤਹਿਤ ਦੇਸ਼ ਭਰ ਦੇ ਅੰਦਰ ਦੱਸ ਕਰੋੜ ਪਰਿਵਾਰ ਇਸ ਦਾ ਫ਼ਾਇਦਾ ਲੈ ਰਹੇ ਨੇ ਅਤੇ ਚਾਰ ਕਰੋੜ ਦੇ ਕਰੀਬ ਲੋਕ ਇਸ ਦੇ ਤਹਿਤ ਆਪਣਾ ਇਲਾਜ ਕਰਵਾ ਚੁੱਕੇ ਹਨ।
ਉਹਨਾਂ ਕਿਹਾ ਕਿ ਅੱਜ ਸਵੇਰੇ ਵੀ ਜਦੋਂ ਉਹ ਲੁਧਿਆਣਾ ਪਾਰਕ ਅੰਦਰ ਸੈਰ ਕਰਨ ਗਏ ਤਾਂ ਉੱਥੋਂ ਦੇ ਲੋਕਾਂ ਨੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਕਿਹਾ ਕਿ ਆਯੂਸ਼ਮਾਨ ਯੋਜਨਾ ਪੰਜਾਬ 'ਚ ਵੀ ਲਾਗੂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਲਾਗੂ ਕਰਨ ਲਈ ਕਦਮ ਚੁੱਕਾਂਗੇ।
ਇਹ ਵੀ ਪੜ੍ਹੋ: ਸਰਕਾਰ ਵਲੋਂ ਡਾ ਅਵਿਨਾਸ਼ ਕੁਮਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵੀਸੀ ਕੀਤਾ ਨਿਯੁਕਤ