ਲੁਧਿਆਣਾ: ਐਨਆਈਏ ਵੱਲੋਂ ਜਾਰੀ ਨੋਟਿਸਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਨੇ ਲੁਧਿਆਣਾ ਡੀਸੀ ਦਫ਼ਤਰ ਦੇ ਬਾਹਰ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਡਿਪਟੀ ਕਮਿਸ਼ਨਰ ਦੇ ਨਾਂਅ ਦਾ ਇੱਕ ਮੰਗ ਪੱਤਰ ਦਿੱਤਾ। ਇਸ ਮੁਜ਼ਾਹਰੇ ਦੀ ਅਗਵਾਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਗੁਰਦੀਪ ਗੋਸ਼ਾ ਨੇ ਕੀਤੀ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਐਨਆਈਏ ਨੇ ਜੋ ਨੋਟਿਸ ਜਾਰੀ ਕੀਤੇ ਗਏ ਨੇ ਉਸ ਤੋਂ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੀਤੇ ਦਿਨੀਂ ਜੋ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਇਹ ਕਿਹਾ ਹੈ ਕਿ ਅਸੀਂ ਐਨਆਈਏ ਨਾਲ ਗੱਲਬਾਤ ਕਰਾਂਗੇ ਇਸ ਤੋਂ ਸਾਫ ਹੋ ਗਿਆ ਹੈ ਕਿ ਭਾਰਤ ਸਰਕਾਰ ਨੇ ਐਨਆਈਏ ਨੂੰ ਮੋਹਰਾ ਬਣਾ ਕੇ ਕਿਸਾਨਾਂ ਵਿਰੁੱਧ ਸਾਜ਼ਿਸ਼ ਰਚੀ ਹੈ।
ਉੱਧਰ ਦੂਜੇ ਪਾਸੇ ਪ੍ਰਭਜੋਤ ਧਾਲੀਵਾਲ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੀ ਹਰ ਫ਼ਰੰਟ ਉੱਤੇ ਮਦਦ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਉਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਧ ਚੜ੍ਹ ਕੇ ਹਿੱਸਾ ਲਵੇਗਾ।
ਜ਼ਿਕਰਯੋਗ ਹੈ ਕਿ ਮੰਗ ਪੱਤਰ ਲੈਣ ਤੋਂ ਪਹਿਲਾਂ ਹੀ ਡੀ.ਸੀ ਦਫ਼ਤਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਇਸਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।