ਲੁਧਿਆਣਾ: ਜ਼ਿਲ੍ਹੇ ਦੇ ਜਮਾਲਪੁਰ ਅਧੀਨ ਪੈਂਦੇ ਪਿੰਡ ਭਾਮੀਆਂ ਕਲਾਂ ਦੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਰਨ ਕੈਂਥ ਵਜੋਂ ਹੋਈ ਹੈ, ਜਿਸ ਦਾ ਕਰੀਬ ਤਿੰਨ-ਚਾਰ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਅਕਸਰ ਹੀ ਆਪਣੀ ਪਤਨੀ ਨਾਲ ਘਰ ਵਿੱਚ ਲੜਾਈ ਝਗੜਾ ਰਹਿੰਦਾ ਸੀ। ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਅੱਜ ਪੁਲਿਸ ਨੇ ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਲਿਆਂਦਾ ਹੈ।
ਘਰੇਲੂ ਕਲੇਸ਼ ਕਾਰਨ ਚੁੱਕਿਆ ਖੌਫ਼ਨਾਕ ਕਦਮ: ਇਸ ਸਬੰਧੀ ਤਫਤੀਸ਼ੀ ਅਫਸਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਕਰਨ ਕੈਂਥ ਵਜੋਂ ਹੋਈ ਹੈ, ਜਿਸਦੀ ਉਮਰ 30 ਤੋਂ 35 ਸਾਲ ਦੇ ਕਰੀਬ ਸੀ। ਉਸ ਦਾ ਵਿਆਹ ਸਿਰਫ ਤਿੰਨ-ਚਾਰ ਸਾਲ ਪਹਿਲਾਂ ਹੀ ਹੋਇਆ ਸੀ ਅਤੇ ਫਿਲਹਾਲ ਉਸ ਦੇ ਕੋਈ ਬੱਚਾ ਨਹੀਂ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹ ਡਰਾਈਵਰ ਵਜੋਂ ਕੰਮ ਕਰਦਾ ਸੀ, ਉਸ ਨੇ ਇਹ ਵੀ ਦੱਸਿਆ ਕਿ ਉਸ ਦਾ ਆਪਣੀ ਪਤਨੀ ਨਾਲ ਅਕਸਰ ਹੀ ਝਗੜਾ ਰਹਿੰਦਾ ਸੀ। ਅੱਜ ਜਦੋਂ ਉਹ ਕੰਮ ’ਤੇ ਗਿਆ ਹੋਇਆ ਸੀ ਤਾਂ ਉਸ ਨੂੰ ਘਰੋਂ ਫੋਨ ਆਇਆ ਕਿ ਉਸ ਦੇ ਭਰਾ ਨੇ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ, ਜਿਸ ਤੋਂ ਬਾਅਦ ਉਹ ਉਸ ਦੀ ਲਾਸ਼ ਸਿਵਲ ਹਸਪਤਾਲ ਲੈ ਕੇ ਆਇਆ। ਉਸ ਨੇ ਦੱਸਿਆ ਕਿ ਉਸ ਦਾ ਭਰਾ ਸ਼ੁਰੂ ਤੋਂ ਹੀ ਡਰਾਈਵਰੀ ਕਰਦਾ ਸੀ। ਉਹ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਸੀ, ਸ਼ਾਇਦ ਇਹੀ ਕਾਰਨ ਹੋ ਸਕਦਾ ਹੈ ਕਿ ਉਸ ਨੇ ਖੁਦਕੁਸ਼ੀ ਕਰ ਲਈ।
ਲਾਸ਼ ਨੂੰ ਪੋਰਟ ਮਾਰਟਮ ਲਈ ਹਸਪਤਾਲ ਲਿਆਂਦਾ: ਹਾਲਾਂਕਿ ਮ੍ਰਿਤਕ ਕੋਲੋ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਸਬੰਧੀ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਮ੍ਰਿਤਕ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਲੈਕੇ ਆਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਬਾਰੇ ਸੀਨੀਅਰ ਪੁਲਿਸ ਅਧਿਕਾਰੀ ਹੀ ਦੱਸ ਸਕਦੇ ਹਨ, ਉਹ ਸਿਰਫ਼ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੈ ਕੇ ਆਏ ਹਨ।