ਮਾਨਸਾ: ਆਲ ਇੰਡੀਆ ਤਾਲਮੇਲ ਕਮੇਟੀ ਦੇ ਸੱਦੇ 'ਤੇ ਮਾਨਸਾ ਵਿਖੇ 10 ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਦਾ ਸਮੁੱਚਾ ਕਰਜ਼ਾ ਤੁਰੰਤ ਮਾਫ਼ ਕੀਤਾ ਜਾਵੇ ਅਤੇ ਫ਼ਸਲਾਂ ਦਾ ਦੁੱਗਣਾ ਭਾਅ ਦਿੱਤਾ ਜਾਵੇ ਤਾਂ ਜੋਂ ਕਿਸਾਨ ਵਰਗ ਨੂੰ ਕਰਜ਼ੇ ਦੇ ਮੱਕੜ ਜਾਲ ਵਿੱਚੋਂ ਕੱਢਿਆ ਜਾ ਸਕੇ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਕਿਸਾਨਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਨੇਤਾ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਵਿੱਚ ਪਰਾਲੀ ਨੂੰ ਸਾੜਨ ਦੇ ਦੋਸ਼ ਵਿਚ ਕਿਸਾਨਾਂ 'ਤੇ ਜੋ ਪਰਚੇ ਦਰਜ ਕੀਤੇ ਗਏ ਹਨ ਉਹ ਤੁਰੰਤ ਰੱਦ ਕੀਤੇ ਜਾਣੇ ਚਾਹਿਦੇ ਹਨ।