ਮਾਨਸਾ: ਸ਼ਹਿਰ ਦੇ ਇੱਕ ਸਮਾਗਮ ਵਿੱਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਕਾਫ਼ੀ ਨਿਸ਼ਾਨੇ ਵਿੰਨ੍ਹੇ। ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਵਾਜ਼ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਕਰਨ ਦਾ ਹੱਕ ਹੈ, ਤੇ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਜੋ ਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਹਮੇਸ਼ਾ ਲੜਦੀ ਰਹੇਗੀ।
ਆਪ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੇਸ਼ੱਕ ਜਿੰਨੇ ਮਰਜ਼ੀ ਪਰਚੇ ਦਰਜ ਕਰ ਲਵੇ, ਜੇ ਹਿੰਮਤ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿਖਾਵੇ, ਪਰ ਆਮ ਆਦਮੀ ਪਾਰਟੀ ਲੋਕਾਂ ਦੀ ਆਵਾਜ਼ ਇਸੇ ਤਰ੍ਹਾਂ ਚੁੱਕਦੀ ਰਹੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੇ ਰੇਟਾਂ ਵਿੱਚ ਕੀਤੀ ਗਈ ਬੜ੍ਹੋਤਰੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਸਮੇਤ 8 ਵਿਧਾਇਕਾਂ ਅਤੇ 800 ਦੇ ਕਰੀਬ ਵਰਕਰਾਂ ਤੇ ਐੱਫਆਈਆਰ ਦਰਜ ਕਰ ਦਿੱਤੀ ਗਈ।