ਮਾਨਸਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਅਧੀਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ਹਿਰ 'ਚੋਂ ਰੋਸ ਮਾਰਚ ਕੱਢਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ।
ਕਾਹਲੀ ਅਗੇ ਟੋਏ: ਡਾ. ਵਿਜੈ ਸਿੰਗਲਾ
ਇਸ ਪ੍ਰਦਰਸ਼ਨ ਵਿੱਚ ਆਪ ਦੀ ਸਮੁਚੀ ਮਾਨਸਾ ਇਕਾਈ ਨੇ ਹਿਸਾ ਲਿਆ ਤੇ ਸਰਕਾਰ ਦੀਆਂ ਮਾਰੂ ਨਿਤੀਆਂ ਦਾ ਵਿਰੋਧ ਕੀਤਾ। ਪਾਰਟੀ ਦੇ ਮੀਤ ਪ੍ਰਧਾਨ ਡਾ. ਵਿਜੈ ਸਿੰਗਲਾ ਨੇ ਦੱਸਿਆ ਕਿ ਪਹਿਲਾਂ ਹੀ ਸਾਡੀ ਆਰਥਿਕਤਾ ਮੰਦੀ ਦੇ ਵੱਲ ਜਾ ਰਹੀ ਹੈ ਤੇ ਅਜਿਹੇ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦਾ ਗਿਆ ਇਹ ਆਰਡੀਨੈਂਸ ਕਿਸਾਨ ਤੇ ਵਪਾਰੀਆਂ ਦੇ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਤਾ ਨਹੀਂ ਅਜਿਹੀ ਕੀ ਕਾਹਲੀ ਸੀ ਕਿ ਉਨ੍ਹਾਂ ਨੇ ਜਲਦਬਾਜ਼ੀ ਵਿੱਚ ਹੀ ਆਰਡੀਨੈਂਸ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਵਿੱਚ ਸਾਡੀ ਐਮਐਸਪੀ ਨੂੰ ਖ਼ਤਮ ਕਰਨ ਦੀ ਕੋਝੀ ਚਾਲ ਹੈ। ਇਹ ਆਰਡੀਨੈਂਸ ਕਿਸਾਨੀ ਨੂੰ ਖ਼ਤਮ ਕਰਨ ਤੇ ਅੰਬਾਨੀ ਅਡਾਨੀ ਵਰਗੇ ਵੱਡੇ ਵਪਾਰੀਆਂ ਨੂੰ ਮੁਨਾਫਾ ਦੇਣਾ ਹੈ।
ਕੁਰਸੀ ਬਚਾਉਣ ਲਈ ਅਕਾਲੀ ਦਲ ਕਰ ਰਿਹਾ ਕੇਂਦਰ ਦਾ ਸਮਰਥਨ: ਭੁੱਚਰ
ਇਸ ਦੌਰਾਨ ਸੰਘਰਸ਼ ਵਿੱਚ ਮੌਜੂਦ ਆਪ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ, ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ ਜਿਸਦੇ ਵਿੱਚ ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ਸਨ ਤੇ ਉਸ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਸੀ ਕਿ ਸਾਰੀਆਂ ਪਾਰਟੀਆਂ ਰਲ ਕੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਇਸ ਆਰਡੀਨੈਂਸ ਨੂੰ ਵਾਪਸ ਲੈਣ ਲਈ ਅਪੀਲ ਕਰਨਗੇ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਕੁਰਸੀ ਬਚਾਉਣ ਲਈ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਹਮਾਇਤ ਕੀਤੀ ਸੀ।
ਅਕਾਲੀਆਂ ਦਾ ਕਿਸਾਨ ਹਿਤੈਸ਼ੀ ਪਾਰਟੀ ਕਹਾਉਣਾ ਝੂਠਾ ਲਾਰਾ: ਦਾਤੇਵਾਸ
ਆਪ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਦਾਤੇਵਾਸ ਨੇ ਅਕਾਲੀ ਦਲ 'ਤੇ ਨਿਸ਼ਾਨਾ ਵਿਨ੍ਹਦੇ ਕਿਹਾ, ਅਕਾਲੀ ਦਲ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਕਹਾਉਂਦੀ ਹੈ ਤੇ ਕਿਸਾਨ ਹਿਤੈਸ਼ੀ ਹੋਣ ਦਾ ਨਾਅਰਾ ਦੇ ਕੇ ਕਿਸਾਨਾਂ ਤੋਂ ਵੋਟਾਂ ਵੀ ਇੱਕਠੀ ਕਰਦੀ ਹੈ ਪਰ ਹੁਣ ਅਕਾਲੀ ਦਲ ਨੇ ਆਰਡੀਨੈਂਸ ਦਾ ਸਮਰਥਨ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਪੂਰੇ ਪੰਜਾਬ ਵਿੱਚ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫ਼ੂਕੇ ਜਾ ਰਹੇ ਹਨ। ਆਪ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਆਰਡੀਨੈਂਸ ਨੂੰ ਵਾਪਿਸ ਨਹੀਂ ਲੈਂਦੀ ਤੱਦ ਤੱਕ ਆਮ ਆਦਮੀ ਪਾਰਟੀ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ।