ਮਾਨਸਾ: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਕੀਤੇ ਜਾ ਰਿਹਾ ਹੈ। ਮਾਨਸਾ ਵਿਖੇ ਜ਼ਿਲ੍ਹਾ ਕਚਹਿਰੀ ਵਿਚ ਆਸ਼ਾ ਵਰਕਰਾਂ (Asha workers ) ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਸਰਕਾਰ (state government) ਨੂੰ ਆਸ਼ਾ ਵਰਕਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ, ਰੁਪਿੰਦਰ ਕੌਰ ਰਿੰਪੀ ਅਤੇ ਐਨ ਆਰ ਐਚ ਐਮ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਕੋਰੋਨਾ ਮਹਾਮਾਰੀ ਦੇ ਦੌਰਾਨ ਵੀ ਕੰਮ ਕੀਤਾ ਗਿਆ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਣ ਭੱਤਾ ਵੀ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਲੰਬੇ ਸਮੇਂ ਤੋਂ ਹਰਿਆਣਾ ਪੈਟਰਨ ਦੇ ਆਧਾਰ ‘ਤੇ ਤਨਖਾਹ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਆਸ਼ਾ ਵਰਕਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।