ਮਾਨਸਾ: ਕੋਵਿਡ-19 ਰਾਹਤ ਪੈਕਜ ਦੇ ਅਧੀਨ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਸਕੀਮ ਦੇ ਸਾਰੇ ਲਾਭਪਾਤਰੀਆਂ ਨੂੰ 1 ਕਿੱਲੋ ਦਾਲ ਤੇ 5 ਕਿਲੋ ਕਣਕ ਦੇਣ ਦਾ ਐਲਾਨ ਕੀਤਾ ਗਿਆ ਹੈ। 3 ਮਹੀਨੇ 15 ਕਿਲੋ ਕਣਕ ਤੇ 3 ਕਿੱਲੋ ਦਾਲ ਪ੍ਰਤੀ ਵਿਅਕਤੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ।
ਮਾਨਸਾ ਜ਼ਿਲ੍ਹੇ ਵਿੱਚੋਂ ਲਾਭਪਾਤਰੀ ਪਰਿਵਾਰਾਂ ਦੇ ਵੱਡੇ ਪੱਧਰ ਉੱਤੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਗਰੀਬ ਪਰਿਵਾਰਾਂ ਵਿੱਚ ਰੋਸ ਦੀ ਲਹਿਰ ਹੈ ਅਤੇ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਨਾ ਮਿਲਣ ਕਾਰਨ ਗਰੀਬ ਪਰਿਵਾਰ ਨਿਰਾਸ਼ ਦਿਖਾਈ ਦੇ ਰਹੇ ਹਨ।
ਲਾਭਪਾਤਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਨਹੀਂ ਮਿਲਿਆ। ਕੇਂਦਰ ਸਰਕਾਰ ਕੋਰੋਨਾ ਵਾਇਰਸ ਦੇ ਕਾਰਨ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇਣ ਦੀਆਂ ਗੱਲਾਂ ਤਾਂ ਕਰ ਰਹੀ ਹੈ ਪਰ ਦੂਜੇ ਪਾਸੇ ਉਨ੍ਹਾਂ ਦੇ ਰਾਸ਼ਨ ਕਾਰਡ ਤੱਕ ਕੱਟ ਦਿੱਤੇ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਰਾਸ਼ਨ ਦੇਣ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਪਰ ਜ਼ਰੂਰਤਮੰਦ ਪਰਿਵਾਰਾਂ ਤੱਕ ਰਾਸ਼ਨ ਨਹੀਂ ਪਹੁੰਚਦਾ। ਹੁਣ ਉਨ੍ਹਾਂ ਦੇ ਲਾਭਪਾਤਰੀ ਕਾਰਡ ਹੀ ਕੱਟ ਦਿੱਤੇ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਦੇਣ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਕੱਟੇ ਗਏ ਕਾਰਡ ਤੁਰੰਤ ਬਣਾਏ ਜਾਣ ਅਤੇ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਦਿੱਤਾ ਜਾਵੇ ਤਾਂ ਕਿ ਉਹ ਆਪਣਾ ਗੁਜ਼ਾਰਾ ਕਰ ਸਕਣ।
ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਅਫ਼ਸਰ ਮਧੂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲਾਭਪਾਤਰੀ ਪਰਿਵਾਰਾਂ ਲਈ ਕੇਂਦਰ ਸਰਕਾਰ ਵੱਲੋਂ ਪੰਜ ਕਿੱਲੋ ਕਣਕ ਅਤੇ ਇੱਕ ਕਿੱਲੋ ਦਾਲ ਪ੍ਰਤੀ ਵਿਅਕਤੀ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਪਰਿਵਾਰਾਂ ਨੂੰ ਤਿੰਨ ਮਹੀਨੇ ਦਾ ਰਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਪ੍ਰਤੀ ਵਿਅਕਤੀ 15 ਕਿਲੋ ਕਣਕ ਅਤੇ 3 ਕਿਲੋ ਦਾਲ ਦਿੱਤੀ ਜਾ ਰਹੀ ਹੈ।
ਜੋ ਸਮਾਰਟ ਕਾਰਡ ਵਾਲੇ ਪਰਿਵਾਰ ਹਨ ਉਨ੍ਹਾਂ ਨੂੰ ਹੀ ਇਹ ਰਾਸ਼ਨ ਦਿੱਤਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 35 ਫੀਸਦੀ ਰਾਸ਼ਨ ਦੀ ਵੰਡ ਹੋ ਚੁੱਕੀ ਹੈ ਅਤੇ ਜਲਦ ਹੀ ਰਹਿੰਦੇ ਪਰਿਵਾਰਾਂ ਤੱਕ ਵੀ ਕੇਂਦਰ ਸਰਕਾਰ ਵੱਲੋਂ ਭੇਜਿਆ ਗਿਆ ਰਾਸ਼ਨ ਪਹੁੰਚਾ ਦਿੱਤਾ ਜਾਵੇਗਾ।