ਮਾਨਸਾ: ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਿਜਲੀ ਦਫ਼ਤਰਾਂ ਦੇ ਬਾਹਰ ਅਰਥੀ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੇ ਬਿਜਲੀ ਬਿੱਲ ਲਾਗੂ ਕਰਨ ਨੂੰ ਲੈ ਕੇ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਮੋਟਰਾਂ ਤੇ ਦਿੱਤੀ ਜਾ ਰਹੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਬਿਜਲੀ ਬਿੱਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਚੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ ਖੇਤੀ ਮੋਟਰਾਂ ਦੇ ਬਿੱਲ ਲਾਗੂ ਕਰਨ ਦਾ ਫੈਸਲਾ ਲਿਆ ਸੀ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਤੇ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ।
ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਇਨ੍ਹਾਂ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਤੇ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਬਿਜਲੀ ਬਿੱਲ ਨਹੀਂ ਭਰਨੇ ਪੈਣਗੇ। ਕਿਸਾਨਾਂ ਨੂੰ ਬਿਜਲੀ ਸਹੂਲਤ ਮੁਫ਼ਤ ਹੀ ਜਾਰੀ ਰਹੇਗੀ ਪਰ ਹੁਣ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਬਿਜਲੀ ਬਿੱਲ ਲਾਗੂ ਕਰਕੇ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀ ਮੋਟਰਾਂ ਦੇ ਬਿੱਲ ਨਹੀਂ ਭਰਨਗੇ ਅਤੇ ਨਾ ਹੀ ਕਿਸੇ ਕਿਸਾਨ ਨੂੰ ਭਰਨ ਦੇਣਗੇ।
ਕਿਸਾਨ ਆਗੂ ਮੱਖਣ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਪੰਜਾਬ ਟੀਮ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। ਕਿਉਂਕਿ ਸਰਕਾਰ ਨੇ ਹੁਣ ਕਿਸਾਨਾਂ ਨੂੰ ਖੇਤੀ ਮੋਟਰਾਂ ਦੇ ਬਿਜਲੀ ਬਿੱਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।