ਮਾਨਸਾ: ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਜੇਲ੍ਹਾਂ 'ਚ ਡੱਕਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹਰਿਆਣਾ ਸਰਕਾਰ ਦਾ ਪੁਤਲਾ ਫੂਕ ਆਪਣਾ ਰੋਸ ਜ਼ਾਹਰ ਕੀਤਾ ਹੈ। ਉਨ੍ਹਾਂ ਹਰਿਆਣਾ ਸਰਕਾਰ ਦੀ ਅਰਥੀ ਫੂਕ ਸਰਕਰਾ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦਾ ਨੇ ਕਿਹਾ ਕਿ ਹਰਿਆਣਾ ਦੀ ਸਰਕਾਰ ਕਿਸਾਨਾਂ ਨੂੰ ਹਿਰਾਸਤ 'ਚ ਲੈ ਆਪਣਾ ਦਬਦਬਾ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਜਿਨ੍ਹੀਆਂ ਵੀ ਕੋਸ਼ਿਸ਼ਾਂ ਕਿਉਂ ਨਾ ਕਰੇ ਪਰ ਕਿਸਾਨ ਦਿੱਲੀ ਜਾਣ ਦੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਣਗੇ।
ਦੱਸ਼ਣਯੋਗ ਹੈ ਕਿ ਬੀਤੀ ਰਾਤ ਹਰਿਆਣਾ ਸਰਕਾਰ ਨੇ ਟੋਲ ਪਲਾਜ਼ੇ 'ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਹ ਕਦਮ ਕਿਸਾਨਾਂ ਦੇ ਮਨਾਂ 'ਚ ਡਰ ਬਸਾਉਣ ਲਈ ਚੁੱਕਿਆ ਹੈ। ਉਨ੍ਹਾਂ ਸਰਕਾਰ ਦੇ ਇਸ ਕਦਮ ਨੂੰ ਨਿੰਦਿਆ ਹੈ।
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਭਰ ਦੇ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ, ਅਤੇ 26-27 ਨਵੰਬਰ ਨੂੰ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸੇ ਡਰ ਤੋਂ ਬੋਖਲਾਈ ਭਾਜਪਾ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ਨੂੰ ਅਸਫਲ ਕਰਨ ਦੀਆਂ ਕੋਸ਼ਿਸ਼ਾਂ 'ਚ ਲੱਗੀ ਹੋਈ ਹੈ।