ਮਾਨਸਾ: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਵਿਸ਼ਵਕਰਮਾ ਭਵਨ 'ਚ ਕਿਸਾਨਾਂ ਦੀ ਇੱਕ ਵੱਡੀ ਮੀਟਿੰਗ ਦਾ ਆਯੋਜਨ ਕੀਤਾ। ਇਸ 'ਚ ਪੰਜਾਬ ਪ੍ਰਧਾਨ ਹਰਮੀਤ ਸਿੰਘ ਨੇ 25 ਸਤੰਬਰ ਨੂੰ ਦਿੱਲੀ ਦੇ ਜੰਤਰ ਮੰਤਰ 'ਤੇ ਹੋਣ ਵਾਲੇ ਅੰਦੋਲਨ 'ਚ ਸ਼ਾਮਲ ਹੋਣ ਦਾ ਕਿਸਾਨਾਂ ਨੂੰ ਸੱਦਾ ਦਿੱਤਾ ਹੈ। ਇਸ ਮੌਕੇ ਹਰਮੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਬਾਅਦਾ ਕੀਤਾ ਸੀ, ਉਸ ਨੂੰ ਉਹ ਭੁੱਲ ਚੁੱਕੇ ਹਨ। ਇਸ ਲਈ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾਉਣ ਲਈ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਇਸ ਅੰਦੋਲਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਹਰਮੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨੀ ਮੰਗਾਂ ਪ੍ਰਤੀ ਜਾਗਰੂਕ ਕੀਤਾ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਕਰਵਾਉਣ ਦੇ ਲਈ ਕਿਸਾਨਾਂ ਨੂੰ ਅੰਦੋਲਨ ਵਿੱਚ ਸ਼ਾਮਲ ਹੋਣ ਦੇ ਲਈ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਕਿਸਾਨਾਂ ਨੂੰ ਇਹ ਅੰਦੋਲਨ 'ਚ ਸ਼ਾਮਲ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦਾ ਮੁੱਖ ਮਕਸਦ ਐਸਵਾਈਐਲ ਦਾ ਰਹੇਗਾ, ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਆਦੇਸ਼ ਦਿੱਤਾ ਹੈ ਕਿ 4 ਮਹੀਨਿਆਂ ਦੇ ਵਿੱਚ ਐਸਵਾਈਐਲ ਦਾ ਹੱਲ ਕਰਕੇ ਰਿਪੋਰਟ ਕੀਤੀ ਜਾਵੇ ਜੋ ਕਿ ਕਿਸਾਨਾਂ ਲਈ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਲੋੜ ਹੈ।
ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰਾਹ 'ਤੇ ਚਲਣਾ ਪੈਂਦਾ ਹੈ। ਸਰਕਾਰਾਂ ਹਰ ਵਾਰ ਕਿਸਾਨਾਂ ਨਾਲ ਵਾਅਦੇ ਕਰਕੇ ਮੁੱਕਰ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਧਰਨੇ ਵਿੱਚ ਮੁੱਖ ਮੰਗ ਕਿਸਾਨੀ ਮੰਗਾਂ ਦੀ ਹੋਵੇਗੀ, ਜੋ ਕਿਸਾਨਾਂ ਨਾਲ ਸਰਕਾਰਾਂ ਹਰ ਵਾਰ ਵਾਅਦੇ ਕਰਕੇ ਮੁੱਕਰ ਦੀਆਂ ਹਨ। ਇਸ ਦੌਰਾਨ ਕਿਸਾਨ ਆਗੂ ਕੁਲਦੀਪ ਸਿੰਘ ਚੱਕ ਭਾਈਕੇ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਜੋ ਦਿੱਲੀ 'ਚ ਅੰਦੋਲਨ ਕੀਤੀ ਜਾ ਰਹੀ ਹੈ ਉਸ ਵਿੱਚ ਮਾਨਸਾ ਜ਼ਿਲ੍ਹੇ ਦੇ 2000 ਕਿਸਾਨ ਸ਼ਾਮਿਲ ਹੋਣਗੇ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇਗਾ।