ਮਾਨਸਾ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮਾਨਸਾ ਦੇ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਜਲਦ ਹੀ 16 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਕਿਉਂਕਿ ਕਿਸਾਨਾਂ ਨੇ ਝੋਨੇ ਦੀ ਬਿਜਾਈ ਸ਼ੁਰੂ ਕਰਨੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਖੇਤੀ ਮੋਟਰਾਂ 'ਤੇ ਬਿੱਲ ਲਗਾਉਣ ਜਾ ਰਹੀ ਹੈ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨਾਂ ਨੇ ਸਾਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਹੀ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਖੇਤੀ ਮੋਟਰਾਂ 'ਤੇ ਬਿੱਲ ਲਗਾਉਣ ਜਾ ਰਹੀ ਹੈ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਭੈਣੀ ਬਾਘਾ ਨੇ ਕਿਹਾ ਕਿ ਇਸ ਤੋਂ ਇਲਾਵਾ ਢਾਈ ਏਕੜ ਵਾਲੇ ਕਿਸਾਨਾਂ ਨੂੰ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਮੋਟਰ ਕੁਨੈਕਸ਼ਨ ਜਾਰੀ ਕੀਤੇ ਗਏ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੁਨੈਕਸ਼ਨ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ ਇਸ ਦੇ ਲਈ ਸਰਕਾਰ ਕਿਸਾਨਾਂ ਨੂੰ ਲਗਾਤਾਰ 16 ਘੰਟੇ ਬਿਜਲੀ ਸਪਲਾਈ ਦਿੱਤੀ ਤਾਂ ਕਿ ਕਿਸਾਨ ਝੋਨੇ ਦੀ ਬਿਜਾਈ ਦਾ ਕੰਮ ਬਿਨ੍ਹਾ ਕਿਸੇ ਰੁਕਾਵਟ ਤੋਂ ਸੌਖ ਨਾਲ ਕਰ ਸਕਣ।
ਕਿਸਾਨ ਆਗੂ ਭਾਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੇ ਬਿੱਲ ਲਗਾਉਣ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਪਹਿਲਾਂ ਸਾਡੇ ਪੰਜਾਬ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨਾ ਚਾਹੀਂਦਾ ਹੈ। ਜੇਕਰ ਪੰਜਾਬ ਸਰਕਾਰ ਇਸ ਬਿੱਲ ਦਾ ਵਿਰੋਧ ਨਹੀਂ ਕਰੇਗੀ ਤਾਂ ਕਿਸਾਨ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ ਤੇ ਖੇਤੀ ਮੋਟਰਾਂ ਦੇ ਬਿੱਲ ਲਾਗੂ ਨਹੀਂ ਹੋਣ ਦੇਣਗੇ।