ਮਾਨਸਾ : ਜ਼ਿਲ੍ਹੇ ਦੇ ਪਿੰਡ ਮਾਖਾ ਵਿਖੇ ਇੱਕ 20 ਸਾਲਾਂ ਨੌਜਵਾਨ ਨੇ ਪਿਆਰ ਵਿੱਚ ਅਸਫ਼ਲ ਹੋਣ ਦੇ ਚੱਲਦਿਆਂ ਫ਼ਾਹਾ ਲੈ ਲਿਆ ਹੈ। ਮ੍ਰਿਤਕ ਨੌਜਵਾਨ ਦਾ ਇੱਕ ਕੁੜੀ ਨਾਲ ਕਰੀਬ 2 ਸਾਲ ਤੋਂ ਪਿਆਰ ਚੱਲਦਾ ਸੀ ਪਰ ਇਸ ਦੀ ਭਿਣਕ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਲੱਗ ਗਈ ਜਿੰਨ੍ਹਾਂ ਨੇ ਮੁੰਡੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਿਸ ਤੋਂ ਬਾਅਦ ਮੁੰਡਾ ਪਰੇਸ਼ਾਨ ਹੋ ਗਿਆ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਸੋਸ਼ਲ ਮੀਡੀਆ 'ਤੇ ਇਕ ਵੀਡਿਓ ਵੀ ਅਪਲੋਡ ਕੀਤੀ ਜਿਸ ਵਿੱਚ ਉਸ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੇ ਮ੍ਰਿਤਕ ਲੜਕੇ ਦਾ ਪਿੰਡ ਮਾਖਾ ਚਹਿਲਾਂ ਵਾਲੀ ਦੀ ਇੱਕ ਲੜਕੀ ਨਾਲ ਦੋ ਸਾਲਾਂ ਤੋਂ ਪ੍ਰੇਮ ਸਬੰਧ ਸਨ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਪ੍ਰੇਮ ਸਬੰਧ ਮਨਜ਼ੂਰ ਨਹੀਂ ਸਨ। ਉਨ੍ਹਾਂ ਪਿਛਲੇ ਦਿਨੀਂ ਮੁੰਡੇ ਨੂੰ ਡਰਾਇਆ ਧਮਾਕਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਹੈ। ਜਾਂਚ ਅਧਿਕਾਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।