ਮਾਨਸਾ: ਪਹਿਲੀ ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੁਰੂ ਹੋਣ ਜਾ ਰਿਹਾ ਹੈ ਜਿਸ ਨੂੰ ਲੈ ਕਿ ਵਿਰੋਧੀ ਧਿਰਾਂ ਨੇ ਵੀ ਸਰਕਾਰ ਨੂੰ ਘੇਰਨ ਦੀ ਰਣਨੀਤੀ ਤਿਆਰ ਕੀਤੀ ਹੋਈ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਕੁਝ ਵੀ ਨਹੀਂ ਹੋਣਾ। ਕਿਉਂਕਿ ਸਰਕਾਰ ਨੇ ਜੋ ਵੀ ਆਮ ਵਰਗ ਦੇ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਸਾਰੇ ਵਾਅਦਿਆਂ 'ਤੇ ਸਰਕਾਰ ਖਰੀ ਨਹੀਂ ਉਤਰੀ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਸੈਸ਼ਨ ਦੇ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ ਅਤੇ ਆਮ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੇ ਲਈ ਦਬਾਅ ਬਣਾਇਆ ਜਾਵੇਗਾ।
21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਕਿਸਾਨ ਸੰਮੇਲਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਕਿਸਾਨ ਮਹਾਂ ਸੰਮੇਲਨ ਨੂੰ ਪਾਰਟੀ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ।
ਅੱਜ ਮਾਨਸਾ ਵਿਖੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋਫ਼ੈਸਰ ਬਲਜਿੰਦਰ ਕੌਰ ਵੱਲੋਂ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਵਰਕਰਾਂ ਦੀਆਂ ਡਿਊਟੀਆ ਲਗਾਈਆਂ ਗਈਆਂ।