ਮਾਨਸਾ: ਸੂਬੇ ’ਚ ਕੋਰੋਨਾ ਮਹਾਂਮਾਰੀ ਦੇ ਦੂਜੇ ਪੜਾਅ ਦੇ ਚੱਲਦੇ ਕੋਰੋਨਾ ਮਰੀਜ਼ਾ ਦੀ ਗਿਣਤੀ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸਦੀ ਪਾਲਣਾ ਪੁਲਿਸ ਪ੍ਰਸ਼ਾਸਨ ਵੱਲੋਂ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਰਵੱਈਆ ਵੀ ਵਰਤਿਆ ਜਾ ਰਿਹਾ ਹੈ। ਇਸੇ ਸਬੰਧ ਚ ਜ਼ਿਲ੍ਹੇ ਚ ਕੋਵਿਡ 19 ਮਹਾਂਮਾਰੀ ਤੋਂ ਬਚਾਅ ਲਈ ਜਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ 188 ਦੇ ਤਹਿਤ 8 ਮੁਕੱਦਮੇ ਦਰਜ ਕੀਤੇ ਗਏ ਹਨ ਜਦਕਿ 12 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਇਹ ਵੀ ਦੱਸ ਦਈਏ ਕਿ ਜ਼ਿਲ੍ਹੇ ਚ ਪਿਛਲੇ ਤਿੰਨ ਦਿਨਾਂ ਦੇ ਅੰਦਰ ਬਿਨਾਂ ਮਾਸਕ ਤੋਂ ਘੁੰਮ ਰਹੇ 180 ਵਿਅਕਤੀਆਂ ਦੇ ਚਾਲਾਨ ਵੀ ਕੱਟੇ ਗਏ ਹਨ।
ਸਰਕਾਰੀ ਹੁਕਮਾਂ ਦੀ ਸਖਤੀ ਨਾਲ ਕਰਵਾਈ ਜਾ ਰਹੀ ਪਾਲਣਾ
ਇਸ ਸਬੰਧੀ ’ਚ ਐਸਐਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਮਾਨਸਾ ਜ਼ਿਲ੍ਹੇ ’ਚ ਸਰਕਾਰੀ ਹੁਕਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਖਤੀ ਵੀ ਵਰਤੀ ਜਾ ਰਹੀ ਹੈ। ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ ਮਾਮਲੇ ਵੀ ਦਰਜ ਕੀਤੇ ਜਾ ਰਹੇ ਹਨ, ਗ੍ਰਿਫਤਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਚਾਲਾਨ ਵੀ ਕੱਟੇ ਜਾ ਰਹੇ ਹਨ।
ਵੱਖ-ਵੱਖ ਥਾਣਿਆਂ ’ਚ ਕੀਤੇ ਗਏ ਮਾਮਲੇ ਦਰਜ
ਜ਼ਿਲ੍ਹੇ ’ਚ ਮਾਨਸਾ ਪੁਲਿਸ ਨੇ ਵੱਖ-ਵੱਖ ਥਾਣਿਆਂ ’ਚ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਨ੍ਹਾਂ ’ਚ ਹੋਟਲ ਮਾਲਕ, ਕੈਫੇ ਮਾਲਕ, ਬਿਨਾਂ ਵਜਾ ਤੋਂ ਇੱਕਠ ਕਰਨ ਵਾਲੇ , ਰਾਤ 9:30 ਵਜੇ ਅਹਾਤਾ ਚਲਾਉਣ ਵਾਲੇ, ਭੋਗ ਦੌਰਾਨ ਜਿਆਦਾ ਇੱਕਠ ਕਰਨ ਵਾਲਿਆ ਖਿਲਾਫ ਬਣਦੀ ਕਾਰਵਾਈ ਕੀਤੀ ਗਈ ਹੈ।
ਐਸਐਸਪੀ ਨੇ ਕੀਤੀ ਲੋਕਾਂ ਨੂੰ ਅਪੀਲ
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਕੇ ਇਸ ਮਹਾਂਮਾਰੀ ਤੋਂ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਬਚਾਇਆ ਜਾ ਸਕਦਾ ਹੈ। ਹਰ ਕਿਸੇ ਦਾ ਫਰਜ ਬਣਦਾ ਹੈ ਕਿ ਇਸ ਲੜਾਈ ’ਚ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਕਿਸੇ ਵੀ ਤਰ੍ਹਂ ਦੀ ਝੂਠੀ ਅਫਵਾਹ ਤੋਂ ਬਚਿਆ ਜਾਵੇ। ਕੋਰੋਨਾ ਨਿਯਮਾਂ ਦੀ ਪਾਲਣਾ ਕਰਕੇ ਹੀ ਇਸ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।
ਇਹ ਵੀ ਪੜੋ: ਲੁਧਿਆਣਾ ’ਚ ਕੋਰੋਨਾ ਦਾ ਕਹਿਰ, 1,099 ਨਵੇਂ ਮਾਮਲੇ ਆਏ ਸਾਹਮਣੇ