ਮਾਨਸਾ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿਚ ਵੱਖ-ਵੱਖ ਵਿਭਾਗਾਂ ’ਚ ਤਾਇਨਾਤ 25 ਹਜ਼ਾਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਐਲਾਨ ਕੀਤਾ ਹੈ ਜਿਸ ਤੋਂ ਬਾਅਦ ਸਿਹਤ ਵਿਭਾਗ ਦੇ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਵੀ ਤੁਰੰਤ ਰੈਗੂਲਰ ਕੀਤਾ ਜਾਵੇ ਕਿਉਂਕਿ ਉਹ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੇ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਐਨਐਚਐਮ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਅਵਤਾਰ ਸਿੰਘ ਅਤੇ ਵੀਰੇਂਦਰ ਕੁਮਾਰ ਨੇ ਕਿਹਾ ਕਿ ਉਹ ਪਿਛਲੇ 12-13 ਸਾਲਾਂ ਤੋਂ ਸਿਹਤ ਵਿਭਾਗ ਵਿੱਚ ਕੱਚੇ ਮੁਲਾਜਮ ਦੇ ਤੌਰ ਤੇ ਸੇਵਾਵਾਂ ਨਿਭਾ ਰਹੇ ਹਨ ਜਦਕਿ ਸਰਕਾਰ ਵੱਲੋਂ ਹੁਣ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਤੁਰੰਤ ਐਨਐਚਐਮ ਕਰਮਚਾਰੀਆਂ ਨੂੰ ਰੈਗੂਲਰ ਕਰੇ ਕਿਉਂਕਿ ਉਹ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਅਤੇ ਚੋਣਾਂ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਐਨਐਚਐਮ ਕਰਮਚਾਰੀਆਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਆਉਣ ’ਤੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਸਰਕਾਰ ਨਹੀਂ ਕਰ ਰਹੀ ਸਪੱਸ਼ਟ: ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਜਦੋਂ ਉਹ ਸਿਹਤ ਵਿਭਾਗ ਦੇ ਮੰਤਰੀ ਡਾ. ਵਿਜੇ ਸਿੰਗਲਾ ਨੂੰ ਮਿਲੇ ਹਨ ਤਾਂ ਉਨ੍ਹਾਂ ਕਿਹਾ ਕਿ ਅਜੇ ਸਮਾਂ ਲੱਗੇਗਾ ’ਤੇ ਸਰਕਾਰ ਪਾਲਿਸੀ ਬਣਾਵੇਗੀ ਉਸ ਤੋਂ ਬਾਅਦ ਉਨ੍ਹਾਂ ਨੂੰ ਵੀ ਸਰਕਾਰ ਰੈਗੂਲਰ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਸਰਕਾਰ ਸਪੱਸ਼ਟ ਨਹੀਂ ਕਰ ਰਹੀ।
ਇਹ ਵੀ ਪੜੋ: ਰੋਡਰੇਜ਼ ਮਾਮਲੇ ਵਿੱਚ ਸਿੱਧੂ ਖਿਲਾਫ਼ SC ਨੇ ਰੱਖਿਆ ਫ਼ੈਸਲਾ ਸੁਰੱਖਿਅਤ