ਮਾਨਸਾ: ਝੋਨੇ ਦੀ ਬਿਜਾਈ ਸ਼ੁਰੂ ਹੋਣ ਵਿੱਚ ਬੇਸ਼ੱਕ ਕੁੱਝ ਦਿਨ ਬਾਕੀ ਹਨ ਪਰ ਨਹਿਰੀ ਪਾਣੀ ’ਤੇ ਨਿਰਭਰ ਮਾਨਸਾ ਦੇ ਪਿੰਡਾਂ ਵਿੱਚ ਤਾਜ਼ੀ ਬੀਜੀ ਗਈ ਨਰਮੇ ਦੀ ਫਸਲ ਤੇਜ਼ ਗਰਮੀ, ਬਿਜਲੀ ਅਤੇ ਨਹਿਰੀ ਪਾਣੀ ਦੀ ਘਾਟ ਕਾਰਨ ਝੁਲਸਣ ਲੱਗੀ (Cotton crop drying) ਹੈ, ਉੱਥੇ ਹੀ ਬੂਟਿਆਂ ਦਾ ਵਾਧਾ ਵੀ ਘੱਟ ਹੋ ਰਿਹਾ ਹੈ। ਕਿਸਾਨ ਫਸਲ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਤੋਂ ਇਲਾਵਾ ਬਾਲਟੀਆਂ ਨਾਲ ਪਾਣੀ ਪਾ ਕੇ ਆਪਣੀ ਨਰਮੇ ਦੀ ਫਸਲ ਨੂੰ ਬਚਾਉਣ ਲਈ ਯਤਨਸ਼ੀਲ ਹਨ।
ਫਿਰ ਵੀ ਕਿਸਾਨ ਫਸਲ ਬਚਾਉਣ ਲਈ ਸਰਕਾਰ ਤੋਂ ਨਹਿਰੀ ਪਾਣੀ ਅਤੇ ਬਿਜਲੀ ਸਪਲਾਈ ਦੇਣ ਦੀ ਗੁਹਾਰ ਲਗਾ ਰਹੇ ਹਨ।ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਚੱਕਰ 'ਚੋਂ ਨਿਕਲਣ ਲਈ ਪ੍ਰੇਰਿਤ ਤਾਂ ਕੀਤਾ ਜਾ ਰਿਹਾ ਹੈ ਪਰ ਖੇਤੀ ਦੇ ਵਿਕਾਸ ਲਈ ਕੋਈ ਸੁਵਿਧਾ ਨਹੀਂ ਦਿੱਤੀ ਜਾਂਦੀ। ਮਾਨਸਾ ਦੇ ਪਿੰਡਾਂ ਵਿੱਚ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਨਰਮੇ ਦੀ ਫਸਲ ਦੀ ਬਿਜਾਈ ਤਾਂ ਕਰ ਲਈ ਹੈ, ਪਰ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਦੀ ਗਰਮੀ ਵਿੱਚ ਫਸਲ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਘਾਟ ਅਤੇ ਬਿਜਲੀ ਦੀ ਅੱਖ-ਮਿਚੌਲੀ ਵੱਡੀ ਚੁਣੌਤੀ ਬਣੀ ਹੋਈ ਹੈ।
ਕਿਸਾਨ ਮਹਿੰਦਰ ਸਿੰਘ, ਸਾਗਰ ਸਿੰਘ, ਹਰਪ੍ਰੀਤ ਸਿੰਘ ਅਤੇ ਪ੍ਰੀਤਮ ਸਿੰਘ ਨੇ ਕਿਹਾ ਕਿ ਗਰਮੀ ਦੇ ਕਾਰਨ ਨਰਮੇ ਦੀ ਫਸਲ ਮੱਚ ਰਹੀ ਹੈ ਅਤੇ ਕਿਸਾਨ ਨਰਮਾ ਬਚਾਉਣ ਲਈ ਬਾਲਟੀਆਂ ਨਾਲ ਪਾਣੀ ਪਾ ਰਹੇ ਹਨ ਕਿਉਂਕਿ ਕਿਸਾਨਾਂ ਨੇ ਮਹਿੰਗੇ ਭਾਅ ਦਾ ਬੀਜ ਪਾ ਕੇ ਨਰਮੇ ਦੀ ਬਿਜਾਈ ਕੀਤੀ ਹੈ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਨਹੀਂ ਦਿੱਤਾ ਜਾ ਰਿਹਾ ਅਤੇ ਬਿਜਲੀ ਸਪਲਾਈ ਵੀ ਬੰਦ ਕੀਤੀ ਹੋਈ ਹੈ, ਜਿਸ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਆਪਣੀ ਫਸਲ ਨੂੰ ਪਾਣੀ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗਰਮੀ ਕਾਰਨ ਕਣਕ ਦਾ ਝਾੜ ਘੱਟ ਨਿਕਲਿਆ ਹੈ ਤੇ ਹੁਣ ਨਰਮੇ ਦੀ ਫਸਲ ਖਰਾਬ ਹੋ ਰਹੀ ਹੈ, ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਨਰਮੇ ਦੇ ਹੋ ਰਹੇ ਨੁਕਸਾਨ ਨਾਲ ਕਿਸਾਨ ਕਰਜ਼ੇ ਦੇ ਜਾਲ ਵਿੱਚ ਫਸਣਗੇ ਤੇ ਆਉਣ ਵਾਲੇ ਸਮੇ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਵਿੱਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਤੋਂ ਐਮਐਸਪੀ ’ਤੇ ਮੂੰਗੀ ਖਰੀਦੇਗੀ ਕੇਂਦਰ ਸਰਕਾਰ, ਸੀਐੱਮ ਮਾਨ ਨੇ ਕੀਤਾ ਧੰਨਵਾਦ