ਮਾਨਸਾ: ਕਣਕ ਦੀ ਬਿਜਾਈ ਕਰਨ ਦੇ ਲਈ ਕਿਸਾਨਾਂ ਨੂੰ ਡੀਏਪੀ ਖਾਦ ਦੀ ਆ ਰਹੀ ਕਿੱਲਤ ਨੂੰ ਲੈ ਕੇ ਅੱਜ ਮਾਨਸਾ 'ਚ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀ ਦੇ ਕਰਮਚਾਰੀਆਂ ਵੱਲੋਂ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਭਾਨ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਪਰ ਡੀਏਪੀ ਖਾਦ ਦੀ ਵੱਡੀ ਸਮੱਸਿਆ ਆ ਰਹੀ ਹੈ। ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਲੇਟ ਕਰਨੀ ਪੈ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਬਿਜਾਈ ਲੇਟ ਹੋਵੇਗੀ ਤਾਂ ਇਸ ਨਾਲ ਝਾੜ 'ਚ ਵੀ ਫਰਕ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਦੇ ਵਿੱਚ ਡੀਏਪੀ ਖਾਦ ਦਾ ਰੈਕ ਲੱਗਣਾ ਹੈ ਜੋ ਕਿ ਇਸ ਵਿਚੋਂ ਕੁਝ ਹਿੱਸਾ ਬਰਨਾਲਾ ਜ਼ਿਲ੍ਹੇ ਨੂੰ ਵੀ ਜਾਣਾ ਹੈ ਪਰ ਉਹ ਬਰਨਾਲਾ ਜ਼ਿਲ੍ਹੇ ਦੇ ਵਿੱਚ ਡੀਏਪੀ ਖਾਦ ਨਹੀਂ ਜਾਣ ਦੇਣਗੇ ਅਤੇ ਬਰਨਾਲੇ ਦੇ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਉਣਾ ਉਥੋਂ ਦੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕਾਂ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਦਿੱਲੀ ਕਮੇਟੀ ਦਾ ਅਹਿਮ ਉਪਰਾਲਾ
ਇਸ ਦੇ ਨਾਲ ਹੀ ਸਹਿਕਾਰੀ ਸੁਸਾਇਟੀ ਦੇ ਕਰਮਚਾਰੀ ਹੇਮਰਾਜ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਡੀਏਪੀ ਖਾਦ ਦੀ ਵੱਡੀ ਸਮੱਸਿਆ ਹੈ ਅਤੇ ਕਿਸਾਨ ਖਾਦ ਲੈਣ ਦੇ ਲਈ ਸੁਸਾਇਟੀਆਂ ਦੇ ਵਿੱਚ ਚੱਕਰ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇੱਕ-ਇੱਕ ਬੋਰੀ ਵੀ ਡੀਏਪੀ ਖਾਦ ਦੀ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਕਣਕ ਦੀ ਬਿਜਾਈ ਕਰਨ 'ਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਜ਼ਿਲ੍ਹੇ ਨੂੰ ਡੀਏਪੀ ਖਾਦ ਦਿੱਤੀ ਗਈ ਤਾਂ ਉਹ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਇਹ ਵੀ ਪੜ੍ਹੋ:ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘੇ ਤੋਂ ਕੀਤੇ ਗੁਰੂਘਰ ਦੇ ਦਰਸ਼ਨ ਦੀਦਾਰੇ