ਮਾਨਸਾ: ਡੀਸੀ ਮਾਨਸਾ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ ਕਾਰਡ 28 ਫਰਵਰੀ ਤੱਕ ਬਣਵਾਉਣ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹਾ ਮਾਨਸਾ ਦੇ ਸੌ ਫੀਸਦੀ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਟੀਚੇ ਨਾਲ ਇਨ੍ਹੀਂ ਦਿਨੀਂ ਵਿਸ਼ੇਸ਼ ਮੁਹਿੰਮ ਚਲਾ ਕੇ ਲਾਭਪਾਤਰੀਆਂ ਦੇ ਘਰਾਂ ਦੇ ਨਜ਼ਦੀਕ ਹੀ ਈ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਈ ਕਾਰਡ ਬਣਾਉਣ ਲਈ ਕਾਰਜਸ਼ੀਲ ਦੋ ਦਰਜਨ ਦੇ ਕਰੀਬ ਟੀਮਾਂ ਦੀ ਪ੍ਰਗਤੀ ਦੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ 28 ਫਰਵਰੀ ਤੱਕ ਸਭ ਲਾਭਪਾਤਰੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਤਹਿਤ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਦੇ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਇਹ ਯੋਜਨਾ ਇੱਕ ਲਾਭਕਾਰੀ ਯੋਜਨਾ ਹੈ ਜਿਸ ਦਾ ਲਾਭ ਉਠਾਉਣ ਲਈ ਰਜਿਸਟਰਡ ਪਰਿਵਾਰਾਂ ਨੂੰ ਆਪਣੇ ਈ ਕਾਰਡ ਬਣਾਉਣ ਨੂੰ ਜ਼ਰੂਰ ਤਰਜੀਹ ਦੇਣੀ ਚਾਹੀਦੀ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ ਨਹੀਂ ਹੈ ਤਾਂ ਸਵੈ ਘੋਸ਼ਣਾ ਪੱਤਰ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ।