ਮਾਨਸਾ: ਸੂਬੇ ’ਚ ਕਰਜ਼ੇ ਦੇ ਬੋਝ ਕਾਰਨ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹੇ ਦੇ ਪਿੰਡ ਮਾਖਾ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨ ਕਿਸਾਨ ਨੇ ਆਰਥਿਕ ਤੰਗੀ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਤੋਂ ਬਾਅਦ ਘਰ ’ਚ ਸੋਗ ਛਾ ਗਿਆ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਕਿਸਾਨ ਆਗੂਆਂ ਅਤੇ ਪਿੰਡ ਦੀ ਪੰਚਾਇਤ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਸ ਸਬੰਧ ’ਚ ਕਿਸਾਨ ਅਮਰਜੀਤ ਸਿੰਘ ਅਤੇ ਪੰਚ ਪਰਮਜੀਤ ਸਿੰਘ ਨੇ ਕਿਹਾ ਕਿ ਪਿੰਡ ਮਾਖਾ ਦਾ ਕਿਸਾਨ ਗੁਰਦੀਪ ਸਿੰਘ 28 ਸਾਲ ਦਾ ਹੈ ਜੋ ਕਿ ਕਰਜ਼ੇ ਦੇ ਕਾਰਨ ਪਰੇਸ਼ਾਨ ਰਹਿੰਦਾ ਸੀ ਅਤੇ ਉਕਤ ਕਿਸਾਨ ਕੋਲ ਇੱਕ ਕਨਾਲ ਜ਼ਮੀਨ ਸੀ ਅਤੇ ਉਹ ਵੀ ਵਿਕ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ 7-8 ਲੱਖ ਰੁਪਏ ਦਾ ਕਰਜ਼ਦਾਰ ਸੀ। ਉਨ੍ਹਾਂ ਦੱਸਿਆ ਕਿ ਕਰਜ਼ੇ ਦਾ ਬੋਝ ਨਾ ਸਹਿਣ ਕਰਦੇ ਹੋਏ ਉਕਤ ਕਿਸਾਨ ਪਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਤਿੰਨ ਛੋਟੀਆਂ ਕੁੜੀਆਂ ਹਨ। ਘਰ ਵਿੱਚ ਕੋਈ ਵੀ ਕਮਾਉਣ ਵਾਲਾ ਨਹੀਂ ਹੈ। ਕਿਸਾਨ ਆਗੂਆਂ ਅਤੇ ਪੰਜਾਇਤ ਮੈਂਬਰਾਂ ਨੇ ਪੰਜਾਬ ਸਰਕਾਰ ਕੋਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਕੋਟਕਪੁਰਾ ਗੋਲੀਕਾਂਡ ਮਾਮਲਾ: ਹਵਾਰਾ ਕਮੇਟੀ ਨੇ ਹਾਈ ਕੋਰਟ ਦੇ ਫੈਸਲੇ ਦੀ ਮੰਗੀ ਜਾਂਚ