ਮਾਨਸਾ: 29 ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਵਿੱਚ ਰੇਲ ਲਾਈਨਾਂ ਉੱਤੇ ਧਰਨਾ 18ਵੇਂ ਦਿਨ ਵੀ ਜਾਰੀ ਹੈ। ਕਿਸਾਨ ਬਲਕਰਣ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਜਿਨ੍ਹਾਂ ਕਿਸਾਨਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਸਾਨਾਂ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਸਰਕਾਰੀ ਤੇ ਗ਼ੈਰ-ਸਰਕਾਰੀ ਕਰਜ਼ੇ ਦੀ ਮੁਆਫ਼ੀ ਤੇ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਬਾਬਤ ਇੱਕ 5 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਜੋ ਕਿ ਧਰਨੇ ਦੌਰਾਨ ਮਰੇ ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦਵਾਉਣ ਦੀ ਕਾਰਵਾਈ ਕਰੇਗੀ। ਉੱਥੇ ਹੀ ਕਿਸਾਨ ਧੰਨਾ ਮਲ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਜਿਹੜੇ ਖੇਤੀ ਕਾਨੂੰਨ ਬਣਾਏ ਹਨ ਇਹ ਕਿਸਾਨ ਮਾਰੂ ਤੇ ਕਿਸਾਨ ਵਿਰੋਧੀ ਹਨ ਪਰ ਭਾਜਪਾ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਮਾੜਾ ਅਸਰ ਸਿਰਫ਼ ਕਿਸਾਨੀ ਉੱਤੇ ਨਹੀਂ ਪਵੇਗਾ ਬਲਕਿ ਇਸ ਨਾਲ ਆੜਤੀ, ਮਜ਼ਦੂਰ, ਹੋਰ ਦੂਜੇ ਵਰਗ ਵੀ ਪ੍ਰਭਾਵਿਤ ਹੋਣਗੇ।