ਮਾਨਸਾ: ਭੱਠਾ ਮਜ਼ਦੂਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ’ਤੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਨੂੰ ਪਿਛਲੇ ਦੋ ਸਾਲਾਂ ਤੋਂ ਘੱਟ ਰੇਟ 'ਤੇ ਮਜ਼ਦੂਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੁਆਰਾ ਹੱਕੀ ਮੰਗਾਂ ਲਈ ਵਾਰ-ਵਾਰ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੈ ਪਰੰਤੂ ਪ੍ਰਸ਼ਾਸਨ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ।
ਸਾਡੇ ਬੱਚਿਆਂ ਦੀ ਪੜ੍ਹਾਈ ਦਾ ਵੀ ਨਹੀਂ ਕੀਤਾ ਜਾ ਰਿਹਾ ਇੰਤਜ਼ਾਮ
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਰੋਪ ਲਾਇਆ ਕਿ ਭੱਠਾ ਮਾਲਕ ਮਜ਼ਦੂਰਾਂ ਨੂੰ ਬਣਦਾ ਹੱਕ ਨਹੀਂ ਦਿੰਦੇ। ਕਿਉਂਕਿ ਪਿਛਲੇ ਦੋ ਸਾਲਾਂ ਤੋਂ ਮਜ਼ਦੂਰ ਪੁਰਾਣੇ ਰੇਟਾਂ ’ਤੇ ਕੰਮ ਕਰ ਰਹੇ ਹਨ ਜਦਕਿ ਦੋ ਸਾਲਾਂ ਬਾਅਦ ਮਜ਼ਦੂਰੀ ਦੇ ਰੇਟ ਮਹਿੰਗਾਈ ਕਾਰਨ ਵਧਾਏ ਜਾਣੇ ਹੁੰਦੇ ਹਨ।
ਇਸ ਮੌਕੇ ਮਜ਼ਦੂਰ ਨੇਤਾਵਾਂ ਨੇ ਕਿਹਾ ਕਿ ਮਾਲਕਾਂ ਵੱਲੋਂ ਭੱਠੇ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਜਿੱਥੇ ਰਹਿਣ ਲਈ ਘਰਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉੱਥੇ ਹੀ ਬੱਚਿਆਂ ਲਈ ਪੜ੍ਹਾਈ ਲਿਖਾਈ ਦਾ ਵੀ ਪ੍ਰਬੰਧ ਨਹੀਂ ਕੀਤਾ ਜਾਂਦਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਗਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।