ਮਾਨਸਾ: ਮਾਨਸਾ ਵਿੱਚ ਬੀਤੇ ਦਿਨੀਂ ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜਣ ਦੇ ਵਿਰੋਧ ਵਿੱਚ ਮਾਨਸਾ ਵਿਖੇ ਪੰਜਾਬ ਭਰ ਤੋਂ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਮਜ਼ਦੂਰ ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਤੇ ਆਮ ਲੋਕਾਂ ਵੱਲੋਂ ਨੌਜਵਾਨ ਦੀ ਰਿਹਾਈ ਦੇ ਲਈ ਡੀਸੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਵੀ ਇਸ ਧਰਨੇ ਦੇ ਵਿੱਚ ਸ਼ਮੂਲੀਅਤ ਕਰਕੇ ਨੌਜਵਾਨ ਦੀ ਰਿਹਾਈ ਦੀ ਮੰਗ ਕੀਤੀ।
ਪਰਵਿੰਦਰ ਝੋਟੇ ਦੀ ਰਿਹਾਈ ਲਈ ਉਤਰੇ ਸਿੱਧੂ ਮੂਸੇਵਾਲਾ ਦੇ ਪਿਤਾ: ਮਾਨਸਾ ਜ਼ਿਲ੍ਹਾ ਕਚਹਿਰੀ ਦੇ ਵਿੱਚ ਅੱਜ ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਰਿਹਾਈ ਦੇ ਲਈ ਪੰਜਾਬ ਭਰ ਦੇ ਵਿੱਚੋਂ ਕਿਸਾਨ ਮਜ਼ਦੂਰ ਧਾਰਮਿਕ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੀ ਅਗਵਾਈ ਦੇ ਵਿੱਚ ਹਜ਼ਾਰਾਂ ਦੀ ਤਾਦਾਦ ਦੇ ਵਿੱਚ ਨੌਜਵਾਨਾਂ ਅਤੇ ਔਰਤਾਂ ਨੇ ਧਰਨੇ ਵਿੱਚ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਲਗਾਤਾਰ ਨਸ਼ਾ ਵੱਧ ਰਿਹਾ ਹੈ ਅਤੇ ਦਿਨ ਦਿਹਾੜੇ ਕਤਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਤਸਕਰੀ ਅਤੇ ਗੈਂਗਸਟਰਾਂ ਤੇ ਕਾਰਵਾਈ ਕਰਨ ਦੀ ਬਜਾਏ ਨਸ਼ਾ ਰੋਕਣ ਵਾਲੇ ਨੌਜਵਾਨਾਂ ਤੇ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਬੇਟੇ ਦਾ ਵੀ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ।
- ਲੁਧਿਆਣਾ ਦੀ ਪੁਲਿਸ ਨੂੰ ਪੜ੍ਹਨੇ ਪਾ ਗਏ ਤਿੰਨ ਚੋਰ, ਹਵਾਲਾਤ ਦੀਆਂ ਸਲਾਖਾਂ ਤੋੜ ਕੇ ਹੋਏ ਫਰਾਰ, ਐੱਸਐੱਚਓ ਸਣੇ 3 ਮੁਲਾਜ਼ਮਾਂ 'ਤੇ ਕਾਰਵਾਈ
- ਲੁਧਿਆਣਾ ਵਿਜੀਲੈਂਸ ਨੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐੱਸਆਈ ਕੀਤਾ ਰੰਗੇ ਹੱਥੀ ਕਾਬੂ, ਵੀਡਿਓ ਵੀ ਆਈ ਸਾਹਮਣੇ
- ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ, ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ
ਨਸ਼ਾ ਮੁਕਤ ਕਰਵਾਉਣ ਵਾਲਿਆਂ ਖਿਲਾਫ ਕਾਰਵਾਈ ਕਰਦੀ ਹੈ ਪੁਲਿਸ : ਇਸ ਦੌਰਾਨ ਹੋਰ ਆਗੂਆਂ ਨੇ ਵੀ ਕਿਹਾ ਕਿ ਨੌਜਵਾਨ ਪਰਵਿੰਦਰ ਸਿੰਘ ਨਸ਼ੇ ਦੇ ਖਿਲਾਫ ਮੁਹਿੰਮ ਚਲਾ ਰਿਹਾ ਸੀ ਅਤੇ ਉਸਨੇ ਮਾਨਸਾ ਸ਼ਹਿਰ ਦੇ ਵਿੱਚ ਚਿੱਟਾ ਅਤੇ ਮੈਡੀਕਲ ਸਟੋਰਾਂ ਤੇ ਨਸ਼ੇ ਦੇ ਰੂਪ ਵਿੱਚ ਵੇਚੀਆਂ ਜਾ ਰਹੀਆਂ ਨਸ਼ੀਲੀਆਂ ਦਵਾਈਆਂ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਪਰ ਪੁਲਿਸ ਵੱਲੋਂ ਨਸ਼ਾ ਤਸਕਰਾਂ 'ਤੇ ਕਾਰਵਾਈ ਕਰਨ ਦੀ ਬਜਾਏ ਨਸ਼ਾ ਮੁਕਤ ਕਰਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਸ ਨੌਜਵਾਨ ਨੂੰ ਰਿਹਾ ਕਰਵਾਉਣ ਦੇ ਲਈ ਪੰਜਾਬ ਭਰ ਦੇ ਵਿੱਚੋਂ ਨੌਜਵਾਨ ਜਥੇਬੰਦੀਆਂ ਅਤੇ ਔਰਤਾਂ ਨੇ ਵੱਡੀ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਤੁਰੰਤ ਉਸ ਨੌਜਵਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਖਿਲਾਫ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।